ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਅੱਜ ਕੇਂਦਰੀ ਕੋਲਾ ਤੇ ਖਣਜ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਸ਼੍ਰੀ ਆਰ.ਕੇ. ਸਿੰਘ ਨਾਲ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਦੇ ਬਿਜਲੀ ਨਾਲ ਸਬੰਧਤ ਮੁਦਿਆਂ ਅਤੇ ਚੱਲ ਰਹੇ ਕੋਲਾ ਸੰਕਟ ਨਾਲ ਜੁੜੇ ਸੂਬੇ ਦੇ ਸਰੋਕਾਰਾਂ ਬਾਰੇ ਗੱਲਬਾਤ ਕੀਤੀ।
ਆਪਣੀ ਇਸ ਪਲੇਠੀ ਮੀਟਿੰਗ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਜਿਆਦਾ ਵੱਧ ਜਾਂਦੀ ਹੈ ਅਤੇ ਸੂਬੇ ਨੂੰ ਸਰਕਾਰ ਦੀ ਮਾਲਕੀ ਵਾਲੇ ਥਰਮਲ ਪਾਵਰ ਸਟੇਸ਼ਨਾਂ ਦੇ ਸਾਰੇ ਯੂਨਿਟ ਚਲਾਉਣੇ ਪੈਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵੱਧ ਕੇ 15000 ਮੈਗਾਵਾਟ ਹੋਣ ਦੀ ਸੰਭਾਵਨਾ ਹੈ। ਕੈਬਨਿਟ ਮੰਤਰੀ ਵੱਲੋਂ ਕੋਲੇ ਸਬੰਧੀ ਸਬ ਗਰੁੱਪ ਕਮੇਟੀ ਵੱਲੋਂ ਸੂਬੇ ਦੇ ਆਪਣੇ ਪਲਾਂਟਾਂ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੀਤੀ ਕੋਲੇ ਦੀ ਵੰਡ ਦੇ ਮੁਕਾਬਲੇ ਕੋਲੇ ਦੇ ਘੱਟ ਰੇਕਾਂ ਦੀ ਸਪਲਾਈ ਹੋਣ ਦਾ ਮੁੱਦਾ ਵੀ ਚੁੱਕਿਆ ਗਿਆ।
ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਲੱਚਕਤਾ ਨੀਤੀ ਤਹਿਤ 20 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਸਰਕਾਰੀ ਖੇਤਰ ਦੇ ਪਲਾਂਟਾਂ ਲਈ ਅਲਾਟ ਕਰਨ ਅਤੇ ਇਸ ਤੋਂ ਇਲਾਵਾ 30 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਅਲਾਟ ਕਰਨ ਦੀ ਮੰਗ ਕੀਤੀ ਜਿਸਨੂੰ ਪੀ.ਐੱਸ.ਪੀ.ਸੀ.ਐੱਲ ਰਾਹੀਂ ਪ੍ਰਾਈਵੇਟ ਪਲਾਂਟਾਂ ਨਾਭਾ ਪਾਵਰ ਲਿਮਿਟਡ ਅਤੇ ਤਲਵੰਡੀ ਸਾਬੋ ਪਾਵਰ ਲਿਮਿਟਡ ਨੂੰ ਟ੍ਰਾਂਸਫਰ ਕੀਤਾ ਜਾਵੇਗਾ।