ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵਿਸ਼ੇਸ਼ ਸਦਨ ਸੱਦ ਕੇ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਉਨ੍ਹਾਂ ਕਿਹਾ ਕਿ ਜਿਥੋਂ ਤੱਕ ਵੀ ਪਾਰਟੀ ਨੂੰ ਸੰਘਰਸ਼ ਕਰਨਾ ਪਿਆ, ਉਹ ਕਿਸਾਨਾਂ ਨਾਲ ਖੜੇ ਹਨ।
ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ ਹੈ ਕਿ ਜਦੋਂ ਤੋਂ ਕੇਂਦਰ ਦੀ ਮੋਦੀ ਸਰਕਾਰ ਨੇ ਇਹ ਕਾਲੇ ਕਾਨੂੰਨ ਲਾਗੂ ਕੀਤੇ ਹਨ, ਉਦੋਂ ਤੋਂ ਹੀ ਕਿਸਾਨ ਸੜਕਾਂ 'ਤੇ ਹਨ ਅਤੇ ਸੰਘਰਸ਼ ਕਰ ਰਹੇ ਹਨ। ਹੁਣ ਜਦੋਂ ਦੋ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 'ਦਿੱਲੀ ਚੱਲੋ' ਤਹਿਤ ਦੀਆਂ ਹਰਿਆਣਾ ਵਿੱਚੋਂ ਕੂਚ ਕਰਨਾ ਸੀ ਤਾਂ ਭਾਜਪਾ ਦੀ ਅਗਵਾਈ ਵਾਲੀ ਖੱਟਰ ਸਰਕਾਰ ਨੇ ਕਿਸਾਨਾਂ 'ਤੇ ਪੁਲਿਸ ਲਾਠੀਚਾਰਜ ਕਰਵਾਇਆ, ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਭਾਰੀ ਤਸ਼ੱਦਦ ਕੀਤਾ ਹੈ, ਜਿਸ ਦੀ ਆਮ ਆਦਮੀ ਪਾਰਟੀ ਨਿਖੇਧੀ ਕਰਦੀ ਹੈ।
ਮੋਦੀ ਸਰਕਾਰ ਵਿਸ਼ੇਸ਼ ਸਦਨ ਬੁਲਾ ਕੇ ਖੇਤੀ ਕਾਨੂੰਨ ਵਾਪਸ ਲਵੇ: ਭਗਵੰਤ ਮਾਨ ਉਨ੍ਹਾਂ ਕਿਹਾ ਕਿ ਸ਼ਾਂਤਮਈ ਸੰਘਰਸ਼ ਕਰਨਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਵੱਖ ਵੱਖ ਰਾਜਾਂ ਤੋਂ ਕਿਸਾਨ ਦਿੱਲੀ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਦਿੱਲੀ ਪੁਲਿਸ ਵੱਲੋਂ ਸਟੇਡੀਅਮਾਂ ਨੂੰ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਮਨਜੂਰੀ ਮੰਗੀ ਗਈ ਸੀ, ਨੂੰ ਕੇਜਰੀਵਾਲ ਸਰਕਾਰ ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ। ਇਹ ਬਹੁਤ ਹੀ ਵਧੀਆ ਫ਼ੈਸਲਾ ਹੈ ਕਿਉਂਕਿ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਵੀ ਜਾਇਜ਼ ਹਨ।
ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਦਿੱਲੀ ਵਿਖੇ ਖਾਣ-ਪੀਣ, ਰਹਿਣ ਅਤੇ ਮੈਡੀਕਲ ਸਾਰੇ ਪ੍ਰਬੰਧ ਕੀਤੇ ਹੋਏ ਹਨ ਕਿਉਂਕਿ ਆਮ ਆਦਮੀ ਪਾਰਟੀ ਵੀ ਖ਼ੁਦ ਇੱਕ ਅੰਦੋਲਨ ਵਿੱਚੋਂ ਨਿਕਲੀ ਹੋਈ ਪਾਰਟੀ ਹੈ। ਇਸ ਲਈ ਆਮ ਆਦਮੀ ਪਾਰਟੀ ਨੂੰ ਅੰਦੋਲਨਕਾਰੀਆਂ ਦੀਆਂ ਭਾਵਨਾਵਾਂ ਦਾ ਪਤਾ ਹੈ ਅਤੇ ਉਹ ਹਮੇਸ਼ਾ ਕਿਸਾਨਾਂ ਨਾਲ ਖੜੀ ਰਹੇਗੀ।