ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਬਰਖਾਸਤ ਕਰ ਦਿੱਤਾ ਸੀ।
ਉਨ੍ਹਾਂ ’ਤੇ ਸਿੰਗਲਾ ਨੇ ਸਿਹਤ ਵਿਭਾਗ ਵਿੱਚ ਟੈਂਡਰ ਅਤੇ ਹਰ ਕੰਮ ਵਿੱਚੋਂ 1 ਫੀਸਦੀ ਕਮਿਸ਼ਨ ਮੰਗਣ ਦੇ ਇਲਜ਼ਾਮ ਲੱਗੇ ਹਨ। ਇਸ ਪੂਰੇ ਮਾਮਲੇ ਦਾ ਮੁੱਖ ਮੰਤਰੀ ਵੱਲੋਂ ਸਟਿੰਗ ਕਰਵਾਉਣ ਦਾ ਦਾਅਵਾ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਵਿਜੇ ਸਿੰਗਲਾ ਖ਼ਿਲਾਫ਼ ਐਕਸ਼ਨ ਲਿਆ ਗਿਆ। ਇਸ ਦੌਰਾਨ ਜਿੱਥੇ ਸੀਐਮ ਭਗਵੰਤ ਮਾਨ ਨੇ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਰੁਖਸਤ ਕੀਤਾ ਉੱਥੇ ਹੀ ਕਾਨੂੰਨੀ ਕਾਰਵਾਈ ਦੇ ਵੀ ਆਦੇਸ਼ ਦਿੱਤੇ ਸਨ।
ਵਿਜੇ ਸਿੰਗਲਾ ਖ਼ਿਲਾਫ਼ ਸਿਹਤ ਵਿਭਾਗ ਦੇ ਸੁਪਰਡੈਂਟ ਇੰਜਨੀਅਰ ਰਜਿੰਦਰ ਸਿੰਘ ਨੇ ਕੇਸ ਦਰਜ ਕਰਵਾਇਆ ਸੀ। ਇਸ ਅਧਿਕਾਰੀ ਨੇ ਉਨ੍ਹਾਂ ਤੇ ਇਲਜ਼ਾਮ ਲਗਾਇਆ ਕਿ ਵਾਰ-ਵਾਰ ਬੁਲਾ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਗਿਆ। ਇਹ ਵੀ ਇਲਜ਼ਾਮ ਲਗਾਏ ਕਿ ਮੰਤਰੀ ਨੇ ਖੁਦ ਆਪਣੇ ਓਐਸਡੀ ਪ੍ਰਦੀਪ ਕੁਮਾਰ ਰਾਹੀਂ ਰਿਸ਼ਵਤ ਮੰਗੀ ਸੀ ਪਰ ਜਦੋਂ ਉਹ ਨਾ ਦੇ ਸਕਿਆ ਤਾਂ ਉਸ ਨੂੰ ਸਕੱਤਰੇਤ ਬੁਲਾ ਕੇ ਮੰਤਰੀ ਵੱਲੋਂ ਆਪਣੇ ਸਾਥੀ ਨੂੰ ਪੈਸੇ ਦੇਣ ਲਈ ਕਿਹਾ। ਇਸ ਪੂਰੀ ਵਾਰਤਾਲਾਪ ਨੂੰ ਸਿਹਤ ਵਿਭਾਗ ਦੇ ਅਧਿਕਾਰੀ ਵੱਲੋਂ ਰਿਕਾਰਡ ਕਰ ਲਿਆ ਗਿਆ ਸੀ।
ਇੰਨ੍ਹਾਂ ਲੱਗੇ ਇਲਜ਼ਾਮਾਂ ਤੋਂ ਬਾਅਦ ਵਿਜੇ ਸਿੰਗਲਾ ਦਾ ਬਿਆਨ ਵੀ ਸਾਹਮਣੇ ਆਇਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਸੀਐਮ ਭਗਵੰਤ ਮਾਨ ਦੀ ਕੀਤੀ ਕਾਰਵਾਈ ਸਬੰਧੀ ਕੋਈ ਵੀ ਜਵਾਬ ਨਹੀਂ ਦਿੱਤਾ। ਉਨ੍ਹਾਂ ਵੱਲੋਂ ਬਾਹਰਲੇ ਲੋਕਾਂ ਉੱਪਰ ਇਹ ਸ਼ਾਜ਼ਿਸ ਕਰਨ ਦਾ ਇਲਜ਼ਾਮ ਲਗਾਇਆ ਗਿਆ।
ਇਹ ਵੀ ਪੜ੍ਹੋ:ਖੁਸ਼ਖਬਰੀ: ਪੰਜਾਬ ਤੋਂ ਸਿੱਧਾ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਬੱਸਾਂ