ਐਸ.ਏ.ਐੱਸ ਨਗਰ: ਮੁਹਾਲੀ ਸ਼ਹਿਰ ਆਪਣੇ ਆਈ.ਟੀ. ਹੱਬ ਵਜੋਂ ਆਪਣਾ ਨਾਮ ਬਣਾ ਰਿਹਾ ਹੈ ਅਤੇ ਤੇਜ਼ੀ ਨਾਲ ਵਿਕਾਸ ਦੀ ਰਾਹ ‘ਤੇ ਵੱਧ ਰਿਹਾ ਹੈ, ਜਿਸ ਨਾਲ ਸ਼ਹਿਰ ਦੇ ਸਰਵਪੱਖੀ ਵਿਕਾਸ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਦੀ ਗਤੀ ਨੂੰ ਤੇਜ਼ ਕਰਨ ਦੀ ਲੋੜ ਹੈ।
ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਅਤੇ ਮੁਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰ ਨਾਲ ਸਬੰਧਤ ਮਹੱਤਵਪੂਰਨ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਕੀਤੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਨੇ ਗਮਾਡਾ ਨੂੰ ਨਿਰਦੇਸ਼ ਦਿੱਤਾ ਕਿ ਉਹ ਸ਼ਹਿਰ ਦੇ ਬਿਰਧ ਆਸ਼ਰਮਾਂ, ਨਾਰੀ ਨਿਕੇਤਨ, ਹੋਮ ਫਾਰ ਡਿਸਟੀਊਟ ਅਤੇ ਗਰਲਜ਼ ਹੋਸਟਲ ਵਰਗੇ ਸਮਾਜਕ ਬੁਨਿਆਦੀ ਢਾਂਚਿਆਂ ਦੇ ਵਿਕਾਸ ਵੱਲ ਧਿਆਨ ਦੇਣ। ਉਨ੍ਹਾਂ ਨੇ ਗਮਾਡਾ ਨੂੰ ਕਿਹਾ ਕਿ ਉਹ ਸ਼ਹਿਰ ਦੇ ਮੋਟਰ ਮਾਰਕੀਟ ਅਤੇ ਟਰਾਂਸਪੋਰਟ ਨਗਰ ਲਈ ਜ਼ਮੀਨ ਦੀ ਸੰਭਾਵਨਾ ਦਾ ਪਤਾ ਲਗਾਉਣ ਅਤੇ ਸ਼ਹਿਰ ਦੇ ਬੂਥਾਂ ਨੂੰ ਦੋ ਮੰਜ਼ਲਾ ਬਣਾਉਣ ਦੀ ਆਗਿਆ ਦੇਣ, ਜਿਸ ਨਾਲ ਬੂਥ ਮਾਲਕਾਂ ਨੂੰ ਆਪਣਾ ਕਾਰੋਬਾਰ ਵਧਾਉਣ ਅਤੇ ਗਮਾਡਾ ਲਈ ਵਾਧੂ ਮਾਲੀਆ ਪੈਦਾ ਕਰਨ ਵਿਚ ਮਦਦ ਮਿਲੇਗੀ।
ਮੁਹਾਲੀ ਵਿਚ ਹਸਪਤਾਲ ਦੀ ਉਸਾਰੀ ਦੇ ਮਾਮਲੇ ਦੀ ਵੀ ਵਕਾਲਤ ਕੀਤੀ ਗਈ। ਸਿੱਧੂ ਨੇ ਕਮਿਸ਼ਨਰ, ਨਗਰ ਨਿਗਮ ਨੂੰ ਸ਼ਹਿਰ ਵਿੱਚ ਅੱਗ ਬੁਝਾਊ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਸਿਟੀ ਬੱਸ ਸਰਵਿਸ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਹਰੇਕ ਮਿਊਂਸਪਲ ਕਮੇਟੀ ਲਈ ਸੀਵਰੇਜ ਦੀ ਸਫਾਈ ਵਾਲੀਆਂ ਮਸ਼ੀਨਾਂ ਅਤੇ ਸ਼ਹਿਰ ਦੇ ਸੀਵਰੇਜ ਦੀ ਸਫਾਈ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਹਫਤਾਵਾਰੀ ਸਮੀਖਿਆ ਦਾ ਭਰੋਸਾ ਦਿੱਤਾ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ ਜਿਸ ਵਿਚ ਕੋਈ ਢਿੱਲ ਬਰਦਾਸ਼ਤ ਨਹੀਂ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੁੱਖ ਪ੍ਰਸ਼ਾਸਕ ਗਮਾਡਾ ਤਨੂ ਕਸ਼ਯਪ, ਕਮਿਸ਼ਨਰ ਨਗਰ ਨਿਗਮ ਕਮਲ ਗਰਗ, ਏਡੀਸੀ ਆਸ਼ਿਕਾ ਜੈਨ, ਅੰਡਰ ਟਰੇਨੀ ਆਈਏਐਸ ਅਧਿਕਾਰੀ ਮਨੀਸ਼ਾ ਰਾਣਾ ਅਤੇ ਜ਼ਿਲ੍ਹੇ ਦੇ ਹੋਰ ਵਿਭਾਗਾਂ ਤੋਂ ਅਧਿਕਾਰੀ ਸ਼ਾਮਲ ਸਨ।