ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ ਆਪਣੇ ਜ਼ੱਦੀ ਪਿੰਡ ਸਤੌਜ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਨਾਲ ਪਾਣੀ ਦੀ ਘੱਟ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ। ਨਾਲ ਹੀ ਸੀਐੱਮ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਕਿਸਾਨਾਂ ਦੇ ਨਾਲ ਗੱਲਬਾਤ ਵੀ ਕੀਤੀ।
ਸੀਐੱਮ ਮਾਨ ਵੱਲੋਂ ਐਮਐਸਪੀ ਦਾ ਐਲਾਨ: ਸੰਗਰੂਰ ਦੇ ਪਿੰਡ ਸਤੌਜ ਪਹੁੰਚੇ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੱਕੀ, ਦਾਲਾਂ ਅਤੇ ਬਾਜਰੇ ਸਣੇ ਬਦਲਵੀ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਮੁਹੱਈਆ ਕਰਵਾਇਆ ਜਾਵੇਗਾ। ਨਾਲ ਹੀ ਸੀਐੱਮ ਮਾਨ ਨੇ ਇਸ ਦੌਰਾਨ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਧੀਆਂ ਗੁਣਵੱਤਾ ਵਾਲੀ ਮੁਹੱਈਆ ਕਰਵਾਈ ਜਾਵੇਗੀ। ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚ ਸਕੇ।
ਕਿਸਾਨਾਂ ਨੂੰ ਕੀਤਾ ਉਤਸ਼ਾਹਿਤ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਟਵੀਟ ਕੀਤਾ ਗਿਆ ਸੀ। ਜਿਸ 'ਚ ਉਨ੍ਹਾਂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਆਖੀ ਸੀ। ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਲਿਖਿਆ ਸੀ ਕਿ 'ਅੱਜ ਦੀ ਲੋੜ ਨੂੰ ਧਿਆਨ 'ਚ ਰੱਖਦਿਆਂ ਤੁਹਾਡੀ ਆਪਣੀ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਲਿਆ ਹੈ। ਸਤੌਜ ਵਾਲਿਆਂ ਨੇ ਤਾਂ ਸਾਥ ਦੇਣ ਦਾ ਕਰਤਾ ਐਲਾਨ, ਹੁਣ ਪੂਰੇ ਪੰਜਾਬ ਦੀ ਵਾਰੀ...ਆਓ, ਖੇਤੀ ਬਚਾਈਏ, ਪਾਣੀ ਬਚਾਈਏ ,ਪੰਜਾਬ ਬਚਾਈਏ।'
ਕੀ ਕਹਿਣਾ ਹੈ ਮਾਹਰਾਂ ਦਾ ?:ਇਸ ਦੇ ਨਾਲ ਹੀ ਮਾਹਿਰਾਂ ਦਾ ਮੰਨਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਵੀ ਫਸਲ ਦਾ ਵਧੀਆ ਝਾੜ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਝੋਨੇ ਦੀ ਜੇਕਰ ਸਿੱਧੀ ਬਿਜਾਈ ਕੀਤੀ ਜਾਂਦੀ ਹੈ ਤਾਂ ਇਸ ਨਾਲ ਪਾਣੀ ਦੀ ਵੀ ਬੱਚਤ ਹੋ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ 'ਚ ਅੱਗੇ ਆਉਣਾ ਚਾਹੀਦਾ ਹੈ।
ਇਹ ਵੀ ਪੜੋ:ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ, ਪਿੰਡ ਤੋਂ ਕੀਤੀ ਸ਼ੁਰੂਆਤ