ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ 'ਚ ਘਿਰੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਇਕ ਵਾਰ ਫਿਰ ਸੂਬੇ ਵਿੱਚ ਦਲਿਤ ਜਥੇਬੰਦੀਆਂ ਸਣੇ ਸਿਆਸੀ ਪਾਰਟੀਆਂ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ, ਭਾਜਪਾ ਸਣੇ ਅਕਾਲੀ ਦਲ ਜਿੱਥੇ ਪੋਸਟ ਮੈਟ੍ਰਿਕ ਘਪਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ। ਉੱਥੇ ਹੀ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਵੀ ਪ੍ਰੈੱਸਵਾਰਤਾ ਕਰਕੇ 10 ਅਕਤੂਬਰ ਨੂੰ ਸੰਤ ਸਮਾਜ ਦੀ ਹਮਾਇਤ ਕਰਦਿਆਂ ਪੰਜਾਬ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਈਟੀਵੀ ਭਾਰਤ ਨੂੰ ਜਾਣਕਾਰੀ ਦਿੰਦਿਆਂ ਪਰਮਜੀਤ ਕੈਂਥ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਕਾਲਜ ਤੇ ਯੂਨੀਵਰਸਿਟੀਆਂ ਦੇ ਗੇਟ ਦੇ ਬਾਹਰ ਵੀ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਨੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਤੇ ਕਈ ਦਲਿਤ ਵਿਦਿਆਰਥੀਆਂ ਨੂੰ ਪੇਪਰ ਦੌਰਾਨ ਰੋਲ ਨੰਬਰ ਵੀ ਨਹੀਂ ਦਿੱਤੇ ਗਏ।
ਪਰਮਜੀਤ ਕੈਂਥ ਨੇ 2018 ਵਿੱਚ 5 ਸਾਲ ਦੀ ਕੈਗ ਵੱਲੋਂ ਜਨਤਕ ਕੀਤੀ ਗਈ ਰਿਪੋਰਟ ਵਿੱਚ ਹੋਏ ਖੁਲਾਸਿਆਂ ਦੇ ਆਧਾਰ 'ਤੇ ਗੱਲ ਕਰਦਿਆਂ ਇਹ ਵੀ ਕਿਹਾ ਕਿ 3 ਲੱਖ ਤੋਂ ਵੱਧ ਦਲਿਤ ਬੱਚਿਆਂ ਦਾ ਭਵਿੱਖ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਖ਼ਰਾਬ ਕਰ ਦਿੱਤਾ। ਉੱਥੇ ਹੀ ਬੱਚਿਆਂ ਦੀਆਂ ਡਿਗਰੀਆਂ ਤੱਕ ਕਾਲਜ ਮੈਨੇਜਮੈਂਟ ਨਹੀਂ ਦੇ ਰਹੀ ਹੈ। ਇੰਨਾ ਹੀ ਨਹੀਂ ਕੈਂਥ ਨੇ ਫਗਵਾੜਾ ਦੀ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਦਲਿਤ ਵਿਦਿਆਰਥੀਆਂ ਦਾ ਪੈਸਾ ਚੋਣਾਂ ਵਿੱਚ ਇਸਤੇਮਾਲ ਕਰਨ ਦੇ ਇਲਜ਼ਾਮ ਵੀ ਲਗਾਏ ਹਨ।
ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਮਾਮਲੇ 'ਚ ਘਿਰੇ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਤੋਂ ਬਾਅਦ ਸਿਆਸੀ ਪਾਰਟੀਆਂ ਸਣੇ ਦਲਿਤ ਜਥੇਬੰਦੀਆਂ ਦੇ ਆਗੂ ਵੀ ਕਾਂਗਰਸ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਚੁੱਕੇ ਹਨ। ਹੁਣ ਵੇਖਣਾ ਹੋਵੇਗਾ ਕਿ ਕਰੋੜਾਂ ਰੁਪਏ ਦੇ ਘਪਲਿਆਂ ਦਾ ਅੱਡਾ ਬਣ ਚੁੱਕੇ ਸਕਾਲਰਸ਼ਿਪ ਮਾਮਲੇ ਵਿੱਚ ਸੂਬਾ ਸਰਕਾਰ ਕਿਹੜੀ ਨਵੀਂ ਸਕੀਮ ਲਿਆਉਂਦੀ ਹੈ ਤਾਂ ਜੋ ਦਲਿਤ ਬੱਚਿਆਂ ਦਾ ਪੈਸਾ ਹੜਪਿਆ ਨਾ ਜਾ ਸਕੇ।