ਚੰਡੀਗੜ੍ਹ:ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ ਸਿੱਧੂ ਦਾ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਹੱਕ ਵਿੱਚ ਇੱਕ ਅਹਿਮ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਸਿੱਧੂ ਨੇ ਕੁੰਵਰ ਦੇ ਹੱਕ ਵਿੱਚ ਟਵੀਟ ਕਰਦਿਆਂ ਪੰਜਾਬ 'ਚ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਦਾ ਜ਼ਿਕਰ ਕੀਤਾ ਹੈ।
ਮਾਨ ਤੇ ਕੇਜਰੀਵਾਲ ਤੋਂ ਮੰਗ:ਉਨ੍ਹਾਂ ਟਵੀਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨ ਬ ਦਿਨ ਵਿਗੜਦੀ ਜਾ ਰਹੀ ਹੈ। ਵਿਗੜਦੀ ਕਾਨੂੰਨ ਵਿਵਸਥਾ ਦਾ ਜ਼ਿਕਰ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਕੋਲ ਕਾਬਲ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਹਨ ਤਾਂ ਉਨ੍ਹਾਂ ਨੂੰ ਪੰਜਾਬ ਦਾ ਗ੍ਰਹਿ ਵਿਭਾਗ ਕਿਉਂ ਨਹੀਂ ਦਿੱਤਾ ਜਾ ਰਿਹਾ।
ਕੁੰਵਰ ਦੀ ਕਾਰਗੁਜ਼ਾਰੀ ਦਾ ਜ਼ਿਕਰ:ਇਸਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਯਾਦ ਹੈ ਕਿ ਜਦੋਂ ਕੁੰਵਰ ਵਿਜੇ ਪ੍ਰਤਾਪ ਅੰਮ੍ਰਿਤਸਰ ਵਿੱਚ ਤਾਇਨਾਤ ਸਨ ਤਾਂ ਉਸ ਵੇਲੇ ਕਿਸੇ ਵਿੱਚ ਇੰਨ੍ਹੀ ਹਿੰਮਤ ਨਹੀਂ ਸੀ ਕਿ ਕੋਈ ਅਪਰਾਧ ਕਰੇ ਕਿਉਂਕਿ ਉਹ ਮੁਲਜ਼ਮਾਂ ਨੂੰ ਫੜ੍ਹ ਕੇ ਸਜ਼ਾ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵੀਆਈਪੀਜ਼ੀ ਵਿੱਚ ਇੰਨ੍ਹੀ ਹਿੰਮਤ ਨਹੀਂ ਸੀ ਕਿ ਉਨ੍ਹਾਂ ਨੂੰ ਗਲਤ ਕੰਮ ਕਰਨ ਲਈ ਕਹੇ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਸ ਦੌਰਾਨ ਗੈਂਗਸਟਰ, ਲੁਟੇਰੇ ਅਤੇ ਚੋਰ ਵੀ ਗਾਇਬ ਹੋ ਗਏ ਸਨ।