ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰੋਂ ਕਾਰਜਕਾਰੀ ਪ੍ਰਧਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਪੁੱਜੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਦੀ ਤਾਜਪੋਸ਼ੀ ਵੇਲੇ ਉਹ ਕੈਪਟਨ ਨੂੰ ਮਿਲੇ ਸੀ ਪਰ ਉਸ ਦਿਨ ਕੋਈ ਗੱਲ਼ਬਾਤ ਨਹੀਂ ਹੋਈ ਸੀ। ਉਂਝ ਵੀ ਉਸ ਦਿਨ ਕੈਪਟਨ ਤੇ ਸਿੱਧੂ ਵਿਚਾਲੇ ਦਰਾੜ ਨਜ਼ਰ ਆਉਂਦੀ ਰਹੀ।
ਆਪਣੇ 4 ਕਾਰਜ਼ਕਾਰੀ ਪ੍ਰਧਾਨਾਂ ਨਾਲ ਕੈਪਟਨ ਦਰਬਾਰ ਪੁੱਜੇ ਸਿੱਧੂ ਜਾਣਕਾਰੀ ਦੇ ਮੁਤਾਬਕ ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਨੂੰ ਇੱਕ ਚਿੱਠੀ ਵੀ ਲਿਖੀ ਗਈ ਹੈ ਜਿਸ ਚ 5 ਮੁੱਦੇ ਮੁੱਖ ਮੰਤਰੀ ਅੱਗੇ ਰੱਖੇ ਗਏ ਹਨ। ਇਹੀ ਮੁੱਦੇ ਕੈਪਟਨ ਨਾਲ ਸਿੱਧੂ ਵੱਲੋਂ ਬੈਠਕ ਦੌਰਾਨ ਵਿਚਾਰੇ ਵੀ ਗਏ।
ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਲਈ ਪੰਜਾਬ ਭਰ ਦੇ ਕਾਂਗਰਸ ਪਾਰਟੀ ਵਰਕਰਾਂ ਨਾਲ ਬਾਰੰਬਾਰ ਵਿਚਾਰ-ਵਟਾਂਦਰਾ ਅਤੇ ਸਲਾਹ-ਮਸ਼ਵਰਾ ਕਰਕੇ ਅਸੀਂ ਤੁਹਾਨੂੰ ਏਜੰਡੇ ਦੇ 18 ਨੁਕਤਿਆਂ ਵਿੱਚੋਂ ਉਹ ਪੰਜ ਨੁਕਤੇ ਲਿਖਕੇ ਦੇ ਰਹੇ ਹਾਂ ਜਿਨ੍ਹਾਂ ਉੱਪਰ ਸਰਕਾਰ ਨੂੰ ਤੁਰੰਤ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਨੀ ਚਾਹੀਦੀ ਹੈ
1. ਪੰਜਾਬ ਦੇ ਲੋਕ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਪਿਛਲੇ ਮੁੱਖ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਰੂਪ ਵਿਚ ਇਨਸਾਫ਼ ਮੰਗ ਰਹੇ ਹਨ।
2. ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਪਿਛਲੇ ਵੱਡੇ ਮਗਰਮੱਛਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ।
3. ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ। ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁੱਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨਦਿਆਂ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ। ਉਹ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ। ਜਿਵੇਂ ਅਸੀਂ ਸਤਲੁਜ-ਯਮੁਨਾ ਲਿੰਕ (SYL) ਦੇ ਕੇਸ ਵਿਚ ਕੀਤਾ ਸੀ। ਵਿਧਾਨ ਸਭਾ ਵੱਲੋਂ ਇਸ ਤਰ੍ਹਾਂ ਦੇ ਹੀ ਦਲੇਰੀ ਵਾਲੇ ਹੱਲ ਦੀ ਅੱਜ ਬੇਹੱਦ ਲੋੜ ਹੈ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸ ਲਈ ਵਿਧਾਇਕ ਤਿਆਰ ਹਨ।
4. 2017 ਦੀਆਂ ਚੋਣਾਂ ਮੌਕੇ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ (PPAs) ਨੂੰ ਰੱਦ ਕਰਨ ਦੇ ਤੁਹਾਡੇ ਕੀਤੇ ਵਾਅਦਿਆਂ ਨੂੰ ਵੀ ਸਾਡੀ ਸਰਕਾਰ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ।
5. ਅੱਜ, 20 ਤੋਂ ਵੱਧ ਜੱਥੇਬੰਦੀਆਂ (ਅਧਿਆਪਕ, ਡਾਕਟਰ, ਨਰਸਾਂ, ਲਾਇਨਮੈਨ, ਸਫ਼ਾਈ ਕਰਮਚਾਰੀ ਆਦਿ) ਰਾਜ ਭਰ ਵਿਚ ਧਰਨੇ ਦੇ ਰਹੇ ਹਨ। ਇਸ ਲਈ ਸਭ ਦੀ ਸੁਨਣ ਨੂੰ ਤਿਆਰ ਅਤੇ ਸਰਬੱਤ ਦੇ ਭਲੇ ਖ਼ਾਤਰ ਕਦਮ ਚੁੱਕਣ ਵਾਲੀ ਲੀਡਰਸ਼ਿਪ ਦੀ ਲੋੜ ਹੈ। ਲਾਜ਼ਮੀ ਹੈ ਕਿ ਸਰਕਾਰ ਗੱਲਬਾਤ ਅਤੇ ਸਲਾਹ-ਮਸ਼ਵਰੇ ਲਈ ਦਰਵਾਜੇ ਖੋਲ੍ਹੇ ਅਤੇ ਆਪਣੇ ਵਿੱਤੀ ਸਾਧਨਾਂ ਨੂੰ ਧਿਆਨ ‘ਚ ਰੱਖਦਿਆਂ ਤੁਰੰਤ ਕੁੱਝ ਕਰੇ।
ਨਿਰਣਾਇਕ ਫ਼ੈਸਲੇ ਲਏ ਬਿਨ੍ਹਾਂ ਕਦੇ ਵੀ ਕੋਈ ਮਹਾਨ ਪ੍ਰਾਪਤੀ ਹਾਸਿਲ ਨਹੀਂ ਹੁੰਦੀ। ਅਸੀਂ ਤੁਹਾਨੂੰ ਤੁਰੰਤ ਕਾਰਵਾਈ ਕਰਨ ਲਈ ਬੇਨਤੀ ਕਰਦੇ ਹਾਂ।
ਇਹ ਵੀ ਪੜ੍ਹੋ:-Terrorist Attack:ਸ਼ਹੀਦ ਪਰਿਵਾਰਾਂ ਦੇ ਜ਼ਖ਼ਮ ਅਜੇ ਵੀ ਅੱਲੇ