ਨਵੀਂ ਦਿੱਲੀ: ਲੰਬੇ ਸਮੇਂ ਤੋਂ ਚੁੱਪੀ ਧਾਰੀ ਬੈਠੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ਕਮਾਂਡ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਸਿੱਧੂ ਨੇ ਪ੍ਰੈਸ ਨੋਟ ਜਾਰੀ ਕਰ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪ੍ਰੈਸ ਨੋਟ ਵਿੱਚ ਲਿਖਿਆ ਕਿ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਦਿੱਲੀ ਸੱਦਿਆ ਗਿਆ ਸੀ ਅਤੇ 25 ਫਰਵਰੀ ਨੂੰ ਉਨ੍ਹਾਂ ਨੇ ਕਾਂਗਰਸ ਦੇ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਦੀ ਰਿਹਾਇਸ਼ 'ਤੇ 40 ਮਿੰਟ ਮੁਲਾਕਾਤ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਉਨ੍ਹਾਂ ਨੇ ਕਾਂਗਰਸ ਦੇ ਪ੍ਰਧਾਨ ਅਤੇ ਜਰਨਲ ਸਕੱਤਰ ਦੋਵਾਂ ਨਾਲ ਜਨਪਥ ਵਿਖੇ 1 ਘੰਟੇ ਤੋਂ ਵੱਧ ਸਮੇਂ ਲਈ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਕਾਤਾਂ ਦੌਰਾਨ ਉਨ੍ਹਾਂ ਨੇ ਹਾਈ ਕਮਾਂਡ ਨੂੰ ਪੰਜਾਬ ਦੀ ਮੌਜੂਦਾ ਹਾਲਾਤ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲੈ ਕੇ ਆਉਣ ਅਤੇ ਪੰਜਾਬ ਨੂੰ ਆਤਮ-ਨਿਰਭਰ ਬਣਾਉਣ ਦੇ ਆਪਣੇ ਰੋਡ-ਮੈਪ ਤੋਂ ਵੀ ਜਾਣੂ ਕਰਵਾਇਆ।