ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਰਾਜਸਭਾ ਦੇ ਲਈ ਪੰਜ ਨਾਵਾਂ ਦਾ ਐਲਾਨ ਕੀਤਾ ਗਿਆ ਸੀ ਜਿਨ੍ਹਾਂ ਵੱਲੋਂ ਬੀਤੇ ਦਿਨ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਿਲ ਕਰ ਵੀ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਰਾਜਸਭਾ ਦੇ ਲਈ ਐਲਾਨੇ ਗਏ ਉਮੀਦਵਾਰਾਂ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਵਿਰੋਧੀਆਂ ਵੱਲੋਂ ਇਸ ਨੂੰ ਪੰਜਾਬ ਦੇ ਨਾਲ ਧੋਖਾ ਦੱਸਿਆ ਜਾ ਰਿਹਾ ਹੈ।
ਉੱਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਘੇਰਿਆ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਦਿੱਲੀ ਦੇ ਰਿਮੋਟ ਕੰਟਰੋਲ ਦੇ ਲਈ ਨਵੀਂ ਬੈਟਰੀਆਂ ਚਮਕ ਰਹੀਆਂ ਹਨ। ਹਰਭਜਨ ਅਪਵਾਦ ਹੈ ਬਾਕੀ ਬੈਟਰੀਆਂ ਹਨ ਅਤੇ ਪੰਜਾਬ ਦੇ ਨਾਲ ਧੋਖਾ ਹੈ।
'ਆਪ' ਵੱਲੋਂ ਇਨ੍ਹਾਂ ਨਾਵਾਂ ਦਾ ਕੀਤਾ ਗਿਆ ਐਲਾਨ
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਡਾ. ਸੰਦੀਪ ਪਾਠਕ ਦਾ ਨਾਮ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕ੍ਰਿਕਟਰ ਹਰਭਜਨ ਸਿੰਘ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਵਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ ਨੂੰ ਵੀ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਜਿਨ੍ਹਾਂ ਵੱਲੋਂ ਬੀਤੇ ਦਿਨ ਨਾਮਜ਼ਦਗੀ ਪੱਤਰ ਦਾਖਿਲ ਕੀਤੇ ਗਏ ਹਨ।