ਚੰਡੀਗੜ੍ਹ: ਕਾਫ਼ੀ ਦਿਨਾਂ ਤੋਂ ਸਿਆਸੀ ਬਿਆਨਬਾਜ਼ੀਆਂ ਤੋਂ ਦੂਰ ਰਹੇ ਕ੍ਰਿਕੇਟਰ ਤੋਂ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ। ਨਵਜੋਤ ਸਿੰਘ ਸਿੱਧੂ ਨੇ ਆਪਣੇ ਪੱਤਰ ਵਿੱਚ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਚੋਣ ਹਲਕੇ 'ਅੰਮ੍ਰਿਤਸਰ ਈਸਟ' ਵਿੱਚ ਵਿਕਾਸ ਨਹੀਂ ਹੋਇਆ ਹੈ ਜੋ ਕਿ ਅੰਮ੍ਰਿਤਸਰ ਦਾ ਇੱਕ ਹਿੱਸਾ ਹੈ। ਇਸ ਕਰਕੇ ਮੁੱਖ ਮੰਤਰੀ 'ਤੇ ਸਿੱਧੂ ਦੇ ਦੋਸਾਂ ਨੂੰ ਕੈਪਟਨ 'ਤੇ ਹਮਲੇ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ।
ਇਹ ਪੱਤਰ ਨਵਜੋਤ ਸਿੱਧੂ ਨੇ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਨੂੰ ਲਿਖਿਆ ਹੈ। ਦੱਸ ਦਈਏ ਕਿ ਸਿੱਧੂ ਨੇ ਕੈਪਟਨ ਨਾਲ ਮੰਤਰੀ ਦੇ ਅਹੁਦੇ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਆਪਣਾ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ। ਪਿਛਲੇ ਕੁਝ ਮਹੀਨਿਆਂ ਤੋਂ ਸਿੱਧੂ ਕਿੱਥੇ ਸਨ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ।