ਚੰਡੀਗੜ੍ਹ:ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਅਣਗਹਿਲੀ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਹੈ। ਮਾਨ ਨੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ 'ਚ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਟਵੀਟ ਕੀਤਾ, ਕਿ ਪੰਜਾਬ ਦੇ ਇੱਕ-ਇੱਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ 'ਤੇ ਹੈ, ਭਾਵੇਂ ਕਿੰਨੇ ਵੀ ਸਿਆਸੀ ਮਤਭੇਦ ਕਿਉਂ ਨਾ ਹੋਣ, ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਬਹੁਤ ਚਿੰਤਾਜਨਕ ਹੈ।
ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਸੀ ਕਿ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਸ ਰੂਟ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਮਾਨ ਨੇ ਚੰਨੀ ਸਰਕਾਰ ਨੂੰ ਬਹੁਤ ਹੀ ਅਸਥਿਰ ਅਤੇ ਕਮਜ਼ੋਰ ਸਰਕਾਰ ਦੱਸਦਿਆਂ ਕਿਹਾ ਕਿ ਕਾਂਗਰਸ ਦੀ ਕਮਜ਼ੋਰ ਸਰਕਾਰ ਕਾਰਨ ਹੀ ਪੰਜਾਬ ਵਿੱਚ ਇਨ੍ਹੀਂ ਦਿਨੀਂ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਆਪਸੀ ਫੁੱਟ ਕਾਰਨ ਪੰਜਾਬ ਦੀ ਸੁਰੱਖਿਆ ਵਿਵਸਥਾ ਢਹਿ-ਢੇਰੀ ਹੋ ਗਈ ਹੈ ਅਤੇ ਇਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕਾਂਗਰਸ ਸਰਕਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਪੱਸ਼ਟ ਤੌਰ 'ਤੇ ਸਰਕਾਰ ਦੀ ਸੁਰੱਖਿਆ ਅਤੇ ਖੁਫੀਆ ਤੰਤਰ ਦੀ ਅਸਫਲਤਾ ਹੈ।