ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼) ਲਈ ਆਨਲਾਈਨ ਵਿਲੱਖਣ ਅਪੰਗਤਾ ਪਛਾਣ (ਯੂਡੀਆਈਡੀ) ਕਾਰਡ ਸਬੰਧੀ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਭਾਗ ਨੇ ਯੂ.ਡੀ.ਆਈ.ਡੀ. ਕਾਰਡਾਂ ਦੀ ਸਟੇਟਸ ਰਿਪੋਰਟ ਅਨੁਸਾਰ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼) ਲਈ ਆਨਲਾਈਨ ਵਿਲੱਖਣ ਅਪੰਗਤਾ ਪਛਾਣ (ਯੂਡੀਆਈਡੀ) ਕਾਰਡ ਬਣਾਉਣ ਵਿੱਚ ਦੇਸ਼ ਭਰ ਵਿੱਚੋਂ 7ਵਾਂ ਸਥਾਨ ਹਾਸਲ ਕੀਤਾ ਹੈ।
ਇਸ ਮੌਕ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦਿੱਤੇ ਗਏ 3,58,206 ਦੇ ਟੀਚੇ ਦੇ ਮੁਕਾਬਲੇ ਹੁਣ ਤੱਕ ਦਿਵਿਆਂਗ ਵਿਅਕਤੀਆਂ ਨੂੰ ਕੁੱਲ 1,89,323 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਯੂਡੀਆਈਡੀ ਪੋਰਟਲ ’ਤੇ 3,27,127 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਦਿਵਿਆਂਗ ਵਿਅਕਤੀਆਂ ਨੂੰ ਦਸਤਾਵੇਜ਼ਾਂ ਦੀ ਪੜਤਾਲ ਅਤੇ ਤਸਦੀਕ ਤੋਂ ਬਾਅਦ 52.85 ਫ਼ੀਸਦੀ (1,89,323) ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ।
ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਜ਼ਿੰਮੇਵਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਿਭਾਗ ਨੂੰ ਸਾਲ 2019 ਵਿੱਚ ਆਨਲਾਈਨ ਕਾਰਡ ਬਣਾਉਣ ਦੇ ਕੰਮ ਵਿੱਚ ਲਾਇਆ ਗਿਆ ਸੀ ਅਤੇ ਉਸ ਸਮੇਂ ਤੋਂ ਕਰਮਚਾਰੀਆਂ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ, “ਕੋਵਿਡ-19 ਲਾਕਡਾਊਨ/ਕਰਫ਼ਿਊ ਦੇ ਬਾਵਜੂਦ ਲਾਕਡਾਊਨ ਸਮੇਂ ਦੌਰਾਨ ਸੂਬੇ ਵੱਲੋਂ ਅਪੰਗ ਵਿਅਕਤੀਆਂ ਨੂੰ 42,699 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ।”