ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਤੇ ਇਸ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਸਕੱਤਰ ਵਿੰਨੀ ਮਹਾਜਨ ਸਕਾਲਰਸ਼ਿਪ ਸਕੈਮ ਦੀ ਜਾਂਚ ਕਰਨਗੇ ਤੇ ਜੇਕਰ ਕੋਈ ਵੀ ਇਸ 'ਚ ਦੋਸ਼ੀ ਪਾਇਆ ਗਿਆ ਚਾਹੇ ਉਹ ਸਰਕਾਰ ਦੇ ਅੰਦਰ ਹੈ ਜਾਂ ਬਾਹਰ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਦੱਸਣਯੋਗ ਹੈ ਕਿ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ‘ਚ 64 ਕਰੋੜ ਰੁਪਏ ਦਾ ਘਪਲਾ ਕਰਨ ਦੇ ਦੋਸ਼ ਲੱਗ ਰਹੇ ਹਨ। ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ਧਰਮਸੋਤ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਵਿਰੋਧੀਆਂ ਵੱਲੋਂ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਥਾਵਰ ਚੰਦ ਗਹਿਲੋਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਥਿਤ ਤੌਰ 'ਤੇ ਕੀਤੇ ਗਏ 63 ਕਰੋੜ ਰੁਪਏ ਦੇ ਐਸਸੀ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ।
ਹਰਸਿਮਰਤ ਬਾਦਲ ਤੋਂ ਇਲਾਵਾ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਨੇ ਵੀ ਇਸ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਗੱਲ ਕੀਤੀ ਹੈ। ਆਪ ਪੰਜਾਬ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਨੇ ਵੀ ਐਲਾਨ ਕੀਤਾ ਹੈ ਕਿ ਜੇਕਰ ਸੱਤਾਧਾਰੀ ਕਾਂਗਰਸ ਨੇ ਧਰਮਸੋਤ ਨੂੰ ਮੰਤਰੀ ਮੰਡਲ ‘ਚੋ ਨਾ ਕੱਢਿਆ ਤਾਂ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਕਾਂਗਰਸ ਸੁਪਰੀਮੋ ਸੋਨੀਆ ਅਤੇ ਰਾਹੁਲ ਗਾਂਧੀ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਪਵੇਗਾ।