ਚੰਡੀਗੜ੍ਹ:ਐਨ.ਆਰ.ਆਈ. ਮਾਮਲੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਨੋਡਲ ਅਫ਼ਸਰ ਲਗਾਏ ਜਾਣਗੇ। ਜੋ ਨਿੱਜੀ ਤੌਰ ’ਤੇ ਐਨ.ਆਰ.ਆਈਜ਼. ਦੀ ਸਹੂਲਤ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਨਗੇ।
ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਅਧਿਕਾਰੀਆਂ ਤੇ ਐਨ.ਆਰ.ਆਈ ਕਮਿਸ਼ਨ ਦੇ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਨੋਡਲ ਅਫ਼ਸਰਾਂ ਦੀ ਤਾਇਨਾਤੀ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਨਿਯਮਤ ਤੌਰ ’ਤੇ ਨੋਡਲ ਅਫ਼ਸਰਾਂ ਦੀ ਕਾਰਗੁਜ਼ਾਰੀ ਬਾਰੇ ਰੀਵਿਊ ਮੀਟਿੰਗ ਕਰਨਗੇ।
ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੇਸਾਂ ’ਚ ਵਸਦੇ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਧਾਲੀਵਾਲ ਨੇ ਕਿਹਾ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਨਾਲ ਸਬੰਧਤ ਕੇਸਾਂ ਦੇ ਸਮਾਂਬੱਧ ਨਬੇੜੇ ਲਈ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਵਿਖੇ ਸਪੈਸ਼ਲ ਅਦਾਲਤਾਂ ਸਥਾਪਿਤ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਸ਼ੁਰੂ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ ਅਤੇ ਜਲਦ ਤੋਂ ਜਲਦ ਇਸ ਸਬੰਧੀ ਜ਼ਮੀਨੀ ਪੱਧਰ ’ਤੇ ਕਾਰਵਾਈ ਸ਼ੁਰੂ ਕਰਵਾ ਦਿੱਤੀ ਜਾਵੇਗੀ।