ਚੰਡੀਗੜ੍ਹ: ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਹ ਸਾਫ ਕਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਉਨ੍ਹਾਂ ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ। ਕੈਬਿਨੇਟ ਨੇ ਇਹ ਵੀ ਸਾਫ ਕੀਤਾ ਕਿ ਇਹੋ ਕਦਮ ਚੁੱਕਣ ਨਾਲ ਮੌਜੂਦਾ ਸਮੱਸਿਆ ਦਾ ਨਿਪਟਾਰਾ ਹੋ ਸਕਦਾ ਹੈ।
ਸੂਬਾਈ ਕੈਬਿਨੇਟ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹੈ। ਮੰਤਰੀ ਮੰਡਲ ਦੇ ਮੈਂਬਰਾਂ ਨੇ ਇੱਕ ਸੁਰ ਵਿੱਚ ਐਲਾਨ ਕੀਤਾ ਕਿ ਮੌਜੂਦਾ ਮੁਸ਼ਕਲ ਹਾਲਾਤ ਨਾਲ ਨਿਪਟਣ ਲਈ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਇਕੋ-ਇਕ ਹੱਲ ਹੈ।
ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ: ਮਨਪ੍ਰੀਤ ਬਾਦਲ ਮੰਤਰੀ ਮੰਡਲ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦੇ ਹਨ ਪਰ ਇਸ ਦੇ ਬਾਵਜੂਦ ਬੀਤੇ ਕਈ ਦਿਨਾਂ ਤੋਂ ਆਪਣੀ ਉਪਜ ਦਾ ਬਹੁਤ ਹੀ ਘੱਟ ਮੁੱਲ ਮਿਲ ਰਿਹਾ ਹੈ।
ਮੀਟਿੰਗ ਦੀ ਸ਼ੁਰੂਆਤ ਮੌਕੇ ਮੰਤਰੀ ਮੰਡਲ ਨੇ ਕਿਸਾਨੀ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ। ਇਸ ਕਿਸਾਨੀ ਸੰਘਰਸ਼ ਦੌਰਾਨ ਅਜੇ ਤੱਕ ਲੱਗਭੱਗ 78 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕੈਬਿਨੇਟ ਨੇ ਇਹ ਵੀ ਕਿਹਾ ਕਿ ਇਸ ਸੰਘਰਸ਼ ਮੌਕੇ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਇਸ ਸਮੱਸਿਆ ਦਾ ਛੇਤੀ ਨਿਪਟਾਰਾ ਕੀਤੇ ਜਾਣ ਦੀ ਲੋੜ ਹੈ। ਇਹ ਮਸਲਾ ਕਿਸਾਨਾਂ ਅਤੇ ਭਾਰਤ ਸਰਕਾਰ ਵਿਚਾਲੇ ਹੋਈ 8 ਪੜਾਵਾਂ ਦੀ ਗੱਲਬਾਤ ਦੌਰਾਨ ਵਿਚਾਰਿਆ ਜਾ ਚੁੱਕਿਆ ਹੈ।