ਚੰਡੀਗੜ੍ਹ: NSUI ਪੰਜਾਬ ਇਕਾਈ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਗੈਂਗਸਟਰਾਂ ਤੋਂ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਅਪੀਲ ਕੀਤੀ ਹੈ। ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈਕੋਰਟ ਨੇ ਏ.ਡੀ.ਜੀ.ਪੀ. ਨੂੰ ਪਟੀਸ਼ਨਕਰਤਾ ਦੇ ਮੰਗ ਪੱਤਰ 'ਤੇ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਅਕਸ਼ੈ ਸ਼ਰਮਾ ਨੇ ਦੱਸਿਆ ਕਿ ਗੈਂਗਸਟਰ ਉਸ ਨੂੰ ਲਗਾਤਾਰ ਫੋਨ ਕਰਕੇ ਧਮਕੀਆਂ ਦੇ ਰਹੇ ਹਨ। ਪਟੀਸ਼ਨਰ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਸੌਂਪਿਆ ਸੀ।
ਸੁਰੱਖਿਆ ਮੁਹੱਈਆ ਕਰਨ ਦੀ ਕੀਤੀ ਮੰਗ: ਸ਼ਰਮਾ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਇਸ ਦੇ ਨਾਲ ਹੀ ਪਟੀਸ਼ਨਰ ਨੂੰ ਆਪਣੇ ਖਰਚੇ 'ਤੇ ਆਪਣੇ ਵਾਹਨ ਨੂੰ ਬੁਲੇਟ ਪਰੂਫ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਦੇ ਏਡੀਜੀਪੀ ਨੂੰ ਪਟੀਸ਼ਨਕਰਤਾ ਦੇ ਮੰਗ ਪੱਤਰ 'ਤੇ ਵਿਚਾਰ ਕਰਨ ਦੇ ਹੁਕਮ ਦਿੱਤੇ ਹਨ। ਲੋੜ ਪੈਣ 'ਤੇ ਇਸ ਸਬੰਧੀ ਯੋਗ ਹੁਕਮ ਜਾਰੀ ਕੀਤੇ ਜਾਣ। ਇਸ ਹੁਕਮ ਨਾਲ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।