ਚੰਡੀਗੜ੍ਹ: 14 ਫ਼ਰਵਰੀ ਨੂੰ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਦੇ 21 ਵਾਰਡਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਛੱਡ ਕੇ ਬਾਕੀ ਸਾਰੀ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ ਹਨ। ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨਾਲ ਈਟੀਵੀ ਭਾਰਤ ਨੇ ਖ਼ਾਸ ਗੱਲਬਾਤ ਕੀਤੀ।
ਡਾ. ਚੀਮਾ ਨੇ ਕਿਹਾ ਕਿ ਜ਼ੀਰਾ ਵਿੱਚ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਸਮੂਹਿਕ ਤੌਰ ਉੱਤੇ ਰੱਦ ਕੀਤੇ ਗਏ ਹਨ, ਜਿੱਥੇ 17 ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਗੁਰੂਹਰਸਹਾਏ ਵਿੱਚ 15 ਵਿੱਚੋਂ 8 ਸੀਟਾਂ ਉੱਤੇ ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ, ਮਲੂਕਾ ਵਿੱਚ 11 ਵਿਚੋਂ 7, ਮਹਿਰਾਜ ਵਿੱਚ 13 ਵਿੱਚ 5, ਭਾਈ ਰੂਪਾ ਵਿੱਚ 13 ਵਿਚੋਂ 4, ਮੰਡੀ ਗੋਬਿੰਦਗੜ੍ਹ ਵਿੱਚ 6 ਅਤੇ ਫ਼ਿਰੋਜ਼ਪੁਰ ਵਿੱਚ 8 ਸੀਟਾਂ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਕੇ ਕਾਂਗਰਸੀ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਵਿੱਚ 7 ਸੀਟਾਂ ਉੱਤੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ।