ਚੰਡੀਗੜ੍ਹ: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ ਅਤੇ ਇਸ ਦੇ ਚੱਲਦੇ ਹੀ ਸਰਕਾਰ ਵਲੋਂ 1 ਜੁਲਾਈ ਤੋਂ ਪੰਜਾਬ ਵਿਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਲਾਨ ਵੀ ਕੀਤਾ ਗਿਆ।
ਇਸ ਦੇ ਨਾਲ ਹੀ ਸਰਕਾਰ ਨੇ ਆਪਣਾ ਇੱਕ ਮਹੀਨੇ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ ਜਿਸ 'ਚ ਦੱਸਿਆ ਗਿਆ ਹੈ ਕਿ ਹੁਣ ਤੱਕ ਪੰਜਾਬ ਦੀ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਕਿਹੜੇ ਵਾਅਦੇ ਪੂਰੇ ਕੀਤੇ ਹਨ। ਸਰਕਾਰ ਵਲੋਂ ਬਿਜਲੀ ਮੁਫ਼ਤ ਦੇਣ ਨੂੰ ਲੈਕੇ ਵਿਰੋਧੀਆਂ ਵਲੋਂ ਪੰਜਾਬ ਸਰਕਾਰ 'ਤੇ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਜਾ ਰਹੇ ਹਨ।
ਇਸ ਬਾਰੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਜੋ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦੀ ਅਸਲ ਸੱਚਾਈ ਤਾਂ ਉਦੋਂ ਹੀ ਪਤਾ ਲੱਗੇਗੀ ਜਦੋਂ ਉਹ ਲਾਗੂ ਹੋਣਗੇ। ਇਸ ਬਾਰੇ ਟਵੀਟ ਕਰਦੇ ਹੋਏ ਉਨ੍ਹਾਂ ਲਿਖਿਆ, ''ਭਗਵੰਤ ਮਾਨ ਜੀ, ਹਲਵੇ ਦਾ ਸਵਾਦ ਖਾਣ 'ਤੇ ਹੀ ਪਤਾ ਲਗਦਾ ਹੈ ..ਤੁਹਾਡੀ 300 ਯੂਨਿਟ ਮੁਫ਼ਤ ਬਿਜਲੀ ਦੀ ਸਚਾਈ ਇਸ ਨਾਲ ਜੁੜੇ ਵੇਰਵਿਆਂ ਅਤੇ ਸ਼ਰਤਾਂ ਵਿੱਚ ਪਰਖੀ ਜਾਵੇਗੀ.. PSPCL ਨੂੰ ਸ਼ੁੱਭਕਾਮਨਾਵਾਂ ਜਿਨ੍ਹਾਂ ਨੇ ਹੁਣ ਕਿਸੇ ਨਾ ਕਿਸੇ ਤਰ੍ਹਾਂ ਬਚਣਾ ਹੈ।''