ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ। ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਬਣਨ ਤੋਂ ਬਾਅਦ ਪੀਐੱਮ ਮੋਦੀ ਦੇ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਕੋਲੋਂ ਸਪੈਸ਼ਲ ਪੈਕੇਜ ਦੇਣ ਦੀ ਮੰਗ ਕੀਤੀ ਜਿਸ ’ਤੇ ਹੁਣ ਸਿਆਸਤ ਗਰਮਾ ਗਈ ਹੈ।
ਦੱਸ ਦਈਏ ਕਿ ਵਿਰੋਧੀ ਪਾਰਟੀਆਂ ਵੱਲੋਂ ਸੀਐੱਮ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੋਣ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਘੇਰਿਆ ਜਾ ਰਿਹਾ ਹੈ। ਨਾਲ ਹੀ ਅਰਵਿੰਦ ਕੇਜਰੀਵਾਲ ਦੀ ਉਸ ਬਿਆਨ ਨੂੰ ਵੀ ਸਾਂਝਾ ਕਰ ਰਹੇ ਹਨ ਜਿਸ ਚ ਉਹ ਕਹਿ ਰਹੇ ਹਨ ਕਿ ਉਹ ਮੁਫਤ ਦੇ ਵਾਅਦਿਆਂ ਅਤੇ ਸਥਿਤੀ ਨੂੰ ਸੁਧਾਰਨ ਦੇ ਲਈ ਪੈਸੇ ਕਿੱਥੋ ਲੈ ਕੇ ਆਉਣਗੇ।
ਮਨਜਿੰਦਰ ਸਿੰਘ ਸਿਰਸਾ ਦਾ ਟਵੀਟ ਸੀਐੱਮ ਭਗਵੰਤ ਮਾਨ ਨੂੰ ਘੇਰਦੇ ਹੋਏ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਉਹ ਪੰਜਾਬ ਵਿੱਚ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ। ਲੋਕਾਂ ਨੂੰ ਭਰਮਾਉਣ ਲਈ ਲੋਕ-ਲੁਭਾਊ ਵਾਅਦੇ ਕੀਤੇ। ਉਦੋਂ ਭਗਵੰਤ ਮਾਨ ਕਹਿੰਦੇ ਸਨ ਕਿ ਸੂਬੇ ਵਿੱਚ ਹੁਣ ਤੱਕ ਜੋ ਭ੍ਰਿਸ਼ਟਾਚਾਰ ਚੱਲ ਰਿਹਾ ਹੈ, ਉਹ ਖਤਮ ਹੋ ਜਾਵੇਗਾ। ਉਸ ਤੋਂ ਪੈਸਾ ਇਕੱਠਾ ਕਰਕੇ ਸੂਬੇ ਦੇ ਵਿਕਾਸ ਵਿੱਚ ਲਗਾਓ।
ਮਨਜਿੰਦਰ ਸਿੰਘ ਸਿਰਸਾ ਨੇ ਅੱਗੇ ਕਿਹਾ ਕਿ ਹੁਣ ਜਦੋਂ ਸਰਕਾਰ ਬਣ ਗਈ ਹੈ ਅਤੇ ਜੋ ਵਾਅਦੇ ਕੀਤੇ ਹਨ, ਉਹ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਪੈਸੇ ਦੀ ਮੰਗ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸੇ ਵੀ ਰਾਜ ਦੀ ਸਰਕਾਰ ਚੋਣਾਂ ਜਿੱਤਣ ਲਈ ਖੁੱਲ੍ਹੇਆਮ ਵਾਅਦੇ ਕਰਦੀ ਹੈ ਅਤੇ ਬਾਅਦ ਵਿੱਚ ਕੇਂਦਰ ਸਰਕਾਰ ਤੋਂ ਪੈਸੇ ਮੰਗਦੀ ਹੈ।
ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਵਿੱਤੀ ਸਹਾਇਤਾ ਮੰਗਣਾ ਇਹ ਸਾਬਿਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਇਕੱਲੇ ਗਰੰਟੀਆਂ ਨੂੰ ਪੂਰਾ ਨਹੀਂ ਕਰ ਸਕਦਾ ਹੈ ਅਤੇ ਪੰਜਾਬ ਦੇ ਖਜ਼ਾਨੇ ਨੂੰ ਭਰਨ ਅਤੇ ਸਰਕਾਰੀ ਖਜ਼ਾਨੇ ਚੋਂ ਸਕੀਮਾਂ ਨੂੰ ਲਾਗੂ ਕਰਨ ਦਾ ਰੋਡ ਮੈਪ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ।
ਸੁਖਪਾਲ ਖਹਿਰਾ ਨੇ ਕੀਤਾ ਸਮਰਥਨ: ਇੱਕ ਪਾਸੇ ਜਿੱਥੇ ਵਿਰੋਧੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਸਪੈਸ਼ਲ ਪੈਕੇਜ ਮੰਗਣ ਨੂੰ ਲੈ ਕੇ ਘੇਰਿਆ ਜਾ ਰਿਹਾ ਹੈ ਉੱਥੇ ਹੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਇਸ ਗੱਲ ਦਾ ਸਮਰਥਨ ਕੀਤਾ ਗਿਆ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੀਐੱਮ ਭਗਵੰਤ ਮਾਨ ਵੱਲੋਂ 1 ਲੱਖ ਕਰੋੜ ਤੋਂ ਪੈਕੇਜ ਦੀ ਮੰਗ ਕੀਤੀ ਗਈ ਉਹ ਇਸ ਦਾ ਸਮਰਥਨ ਕਰਦੇ ਹਨ। ਨਾਲ ਹੀ ਉਨ੍ਹਾਂ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਜੋ ਵਾਅਦੇ ਉਨ੍ਹਾਂ ਨੇ ਕੀਤੇ ਹਨ ਕਿ ਪੰਜਾਬ ’ਚ ਵੱਖ-ਵੱਖ ਮਾਫੀਆ ਤੋਂ ਛੁਟਕਾਰਾ ਦਿਵਾਇਆ ਜਾਵੇਗਾ ਉਸ ਨੂੰ ਪੂਰਾ ਕੀਤਾ ਜਾਵੇਗਾ। ਲੁੱਟ ਖਸੁੱਟ ਨੂੰ ਰੋਕਿਆ ਜਾਵੇਗਾ ਅਤੇ ਪੈਸੇ ਨੂੰ ਸਿੱਧੇ ਖਜ਼ਾਨੇ ’ਚ ਆਉਣਗੇ।
ਸੀਐਮ ਮਾਨ ਨੇ ਕੀਤੀ ਸਪੈਸ਼ਲ ਪੈਕੇਜ ਦੀ ਮੰਗ: ਸੀਐੱਮ ਭਗਵੰਤ ਮਾਨ ਨੇ ਮੁਲਾਕਾਤ ਦੌਰਾਨ ਪੀਐੱਮ ਮੋਦੀ ਤੋਂ ਮੰਗ ਕੀਤੀ ਸੀ ਜਿਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਕਿਹਾ ਸੀ ਕਿ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਉਨ੍ਹਾਂ ਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ। ਪੰਜਾਬ ਦੀ ਆਰਥਿਕ ਹਾਲਤ ਡਾਵਾਂਡੋਲ ਹੈ। ਉਨ੍ਹਾਂ ਵੱਲੋਂ ਪੀਐੱਮ ਮੋਦੀ ਨੂੰ ਸੂਬੇ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀ ਗਈ ਹੈ।
ਇਹ ਵੀ ਪੜੋ:ਬਰਗਾੜੀ ਬੇਅਦਬੀ ਮਾਮਲੇ 'ਚ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਇੱਕ ਹੋਰ ਮਾਮਲੇ ’ਚ ਮੁੱਖ ਦੋਸ਼ੀ ਐਲਾਨ