ਚੰਡੀਗੜ੍ਹ: ਪੰਜਾਬ ਸਰਕਾਰ ਨੇ 1 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਭਾਰਤ ਭੂਸ਼ਨ ਆਸ਼ੂ ਖੁਰਾਕ ਤੇ ਸਪਲਾਈ ਮੰਤਰੀ ਨੇ ਕਿਹਾ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਆਸ਼ੂ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ (Charanjit Singh Channi) ਵਲੋਂ ਸਮੇਂ ਸਿਰ ਸੀ.ਸੀ.ਐਲ ਹਾਸfਲ ਕਰਨ ਲਈ ਕੀਤੇ ਗਏ ਸੁਹਿਰਦ ਯਤਨਾ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਯਤਨਾ ਸਦਕਾ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋ ਪਹਿਲਾਂ ਹੀ ਸੂਬੇ ਨੂੰ ਸੀ.ਸੀ.ਐਲ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਚੰਨੀ ਵੱਲੋਂ ਸੀ.ਸੀ.ਐਲ ਹਾਸਿਲ ਕਰਨ ਲਈ ਸੂਧਾਂਸੂ ਪਾਂਡੇ ਖੁਰਾਕ ਸਕੱਤਰ, ਭਾਰਤ ਸਰਕਾਰ ਨਾਲ ਇਸ ਮਸਲੇ ਤੇ ਲਗਾਤਾਰ ਸੰਪਰਕ ਬਣਾਕੇ ਰੱਖਿਆ ਗਿਆ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਗਲੱਟ ਨੂੰ ਰੋਕਣ ਲਈ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾ, ਆੜਤੀਆਂ, ਢੋਆ-ਢੁਆਈ ਵਿਚ ਸ਼ਾਮਿਲ ਲੋਕਾਂ ਅਤੇ ਖਰੀਦ ਕਾਰਜ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਕੋਵਿਡ-19 ਦੇ ਬਚਾਅ ਲਈ ਸੂਬੇ ਭਰ ਵਿਚ ਪੰਜਾਬ ਮੰਡੀ ਬੋਰਡ ਵੱਲੋਂ ਨੋਟੀਫਾਈ ਕੀਤੇ 1806 ਖਰੀਦ ਕੇਂਦਰਾਂ ਤੋਂ ਇਲਾਵਾ ਤਕਰੀਬਨ 800 ਹੋਰ ਯੋਗ ਰਾਈਸ ਮਿੱਲਾਂ ਅਤੇ ਜਨਤਕ ਥਾਵਾਂ ਨੂੰ ਆਰਜ਼ੀ ਖਰੀਦ ਕੇਂਦਰ ਬਣਾਇਆ ਜਾ ਰਿਹਾ ਹੈ।
ਆਸ਼ੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਏ ਗ੍ਰੇਡ ਝੋਨੇ ਦੀ ਐਮ.ਐਸ.ਪੀ. 1960/- ਰੁਪਏ ਪ੍ਰਤੀ ਕੁਵਿੰਟਲ ਐਲਾਨੀ ਗਈ ਹੈ। ਆਰ.ਬੀ.ਆਈ ਵੱਲੋਂ 35,712.73 ਕਰੋੜ ਰੁਪਏ ਦੀ ਸੀ.ਸੀ.ਐੱਲ ਲਿਮਟ ਜਾਰੀ ਦਿੱਤੀ ਗਈ ਹੈ ਅਤੇ ਲੋੜੀਂਦੀਆਂ ਗੱਠਾਂ ਦੇ ਪ੍ਰਬੰਧ ਕਰ ਲਏ ਗਏ ਹਨ।