ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪ੍ਰੈਸ ਬਿਆਨ ਵਿੱਚ SYL ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਇਸੇ ਦੌਰਨ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ਵਿੱਚ ਲਏ ਗਏ ਬੇਬਾਕੀ ਨਾਲ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਪਾਰਟੀਆਂ ਸਾਡੀ ਸਰਕਾਰ ਨੂੰ ਸਲਾਹ ਦੇ ਰਹੀਆਂ ਹਨ ਜਿਨ੍ਹਾਂ ਵੱਲੋਂ ਇਹ ਨਹਿਰ ਦਾ ਮੁੱਢ ਬੰਨ੍ਹ ਕੇ ਕੰਡੇ ਬੀਜੇ ਗਏ।