ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਨਵੇਂ ਸਟ੍ਰੇਨ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਨੂੰ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ 'ਚ ਕੇਸ ਵਧਣ ਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੀ ਗੱਲ ਆਖੀ।
ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਨ ਲੋਕ ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਹਰ ਘਰ ਚੋਂ ਇੱਕ ਵਿਅਕਤੀ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਤੇ ਵਪਾਰੀਆਂ ਨੂੰ ਘਰ ਅੰਦਰ ਬੰਦ ਨਹੀਂ ਕੀਤਾ ਜਾ ਸਕਦਾ, ਇਸ ਲਈ ਲੋਕਾਂ ਨੂੰ ਕੋਰੋਨਾ ਗਈਡਲਾਈਨਜ਼ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਨਾਲ ਉਹ ਖ਼ੁਦ ਨੂੰ ਤੇ ਆਪਣੇ ਪਰਿਵਾਰ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਨ।
ਪਿੰਡ ਚੋਂ ਕਿਸਾਨੀ ਅੰਦੋਲਨ ਜਾਣ ਵਾਲੇ ਲੋਕਾਂ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਿੱਧੂ ਨੇ ਪਿੰਡਾਂ 'ਚ ਕੋਰੋਨਾ ਕੇਸ ਬੇਹਦ ਘੱਟ ਹਨ, ਜਦੋਂ ਕਿ ਮੌਜੂਦਾ ਸਮੇਂ ਵਿੱਚ ਸ਼ਹਿਰਾਂ ਅੰਦਰ ਕਈ ਕੇਸ ਵੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਪਣੇ ਸ਼ਹਿਰ ਵਿੱਚ ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਨਾਈਟ ਕਰਫਿਊ ਲਗਾ ਸਕਦੇ ਹਨ। ਫਿਲਹਾਲ ਸੂਬੇ 'ਚ ਲੌਕਡਾਊਨ ਦੀ ਕੋਈ ਵੀ ਸਥਿਤੀ ਨਹੀਂ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੇ ਸਿਹਤ ਵਿਭਾਗ ਨਾਲ ਪੰਜਾਬ ਸਿਹਤ ਅਧਿਕਾਰੀਆਂ ਦੀ ਬੈਠਕ ਹੋਈ ਹੈ ਤੇ ਉਨ੍ਹਾਂ ਦੇ ਵਿਭਾਗ ਵੱਲੋਂ ਕੋਰੋਨਾ ਟੈਸਟਿੰਗ ਨੂੰ ਵਧਾ ਕੇ 30 ਹਜ਼ਾਰ ਪ੍ਰਤੀ ਦਿਨ ਕਰ ਦਿੱਤਾ ਗਿਆ ਹੈ।
ਸਿਹਤ ਮੰਤਰੀ ਨੇ ਪਹਿਲਾਂ ਤੋਂ ਬਣਾਏ ਗਏ ਕੋਵਿਡ ਸੈਂਟਰਾਂ ਨੂੰ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ। ਵਿਰੋਧੀ ਧਿਰਾਂ ਵੱਲੋਂ ਨਾਈਟ ਕਰਫਿਊ 'ਤੇ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਤ ਨੂੰ ਟਰੱਕਾਂ ਜਾਂ ਹੋਰਨਾਂ ਗੱਡੀਆਂ ਰਾਹੀਂ ਪੰਜਾਬ 'ਚ ਐਂਟਰ ਕਰਨ ਵਾਲੇ ਲੋਕਾਂ ਦਾ ਨਾਕਿਆਂ ਉੱਤੇ ਟੈਸਟ ਕੀਤਾ ਜਾਂਦਾ ਹੈ। ਇਸ ਨਾਲ ਸ਼ਹਿਰਾਂ 'ਚ ਕੋਰੋਨਾ ਦੇ ਪੌਜ਼ੀਟਿਵ ਕੇਸ ਆਉਣ ਤੋਂ ਬਚਾਅ ਰਹੇਗਾ। ਉਨ੍ਹਾਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸਮਾਜਿਕ ਦੂਰੀ ਤੇ ਕੋਰੋਨਾ ਗਈਡਲਾਈਨਜ਼ ਦੀ ਪਾਲਣਾ ਕਰਨ ਅਪੀਲ ਕੀਤੀ ਜਾ ਰਹੀ ਹੈ।