ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਕੇ ਭਾਵੇਂ ਸੂਬੇ ਦੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਖੁਦ ਹੀ ਆਪਣੀ ਪਿਠ ਥਾਪੜ ਰਹੇ ਹਨ, ਪਰ ਸ਼ਾਇਦ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਅੱਜ ਵੀ ਪੈਟਰੋਲ-ਡੀਜ਼ਲ ਦੇ ਰੇਟ ਚੰਡੀਗੜ੍ਹ ਅਤੇ ਗੁਆਂਢੀ ਸੂਬਿਆਂ ਨਾਲੋਂ ਕੀਤੇ ਜਿਆਦਾ ਹਨ।
ਗੁਪਤਾ ਨੇ ਕਿਹਾ ਕਿ ਅਸਲ ਵਿੱਚ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਬਾਅਦ ਪੰਜਾਬ ਭਾਜਪਾ ਵੱਲੋਂ ਪੰਜਾਬ ਸਰਕਾਰ ਤੋਂ ਵਾਰ-ਵਾਰ ਸੂਬੇ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਭਾਜਪਾ ਵੱਲੋਂ ਇੱਕ ਪੱਤਰ ਵੀ ਪੰਜਾਬ ਸਰਕਾਰ ਨੂੰ ਲਿਖਿਆ ਗਿਆ ਸੀ, ਜਿਸ 'ਤੇ ਮੁੱਖ ਮੰਤਰੀ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਲਈ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਫਿਰ ਵੀ ਮੁਹਾਲੀ ਨਾਲੋਂ ਚੰਡੀਗੜ੍ਹ ਵਿੱਚ ਪੈਟਰੋਲ 2 ਰੁਪਏ ਸਸਤਾ ਹੈ। ਪੰਚਕੂਲਾ ਦੇ ਮੁਕਾਬਲੇ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੈ।
ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਲੋਕਾਂ ਨੂੰ ਪੈਟਰੋਲ ਦੀ ਕੀਮਤ 10 ਰੁਪਏ ਅਤੇ ਡੀਜ਼ਲ ਦੀ ਕੀਮਤ 5 ਰੁਪਏ ਘਟਾਉਣ ਦਾ ਐਲਾਨ ਕੀਤਾ ਸੀ, ਪਰ ਅਸਲ ਵਿੱਚ ਇਹ 8:50 ਰੁਪਏ ਅਤੇ 4 ਰੁਪਏ ਦੇ ਕਰੀਬ ਹੀ ਕੀਤਾ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਪ੍ਰਤੀ ਨੀਅਤ ਕਿੰਨੀ ਸਾਫ਼ ਹੈ? ਪੰਜਾਬ ਸਰਕਾਰ ਦੀ ਕਹਿਣੀ ਤੇ ਕਰਨੀ ਵਿਚਲਾ ਫਰਕ ਜਨਤਾ ਚੰਗੀ ਤਰ੍ਹਾਂ ਜਾਣਦੀ ਹੈ।