ਚੰਡੀਗੜ੍ਹ:ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ (PM security lapse) ਵਿੱਚ ਸੁਪਰੀਮ ਕੋਰਟ ਵਿੱਚ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਦੁਆਰਾ ਦਾਇਰ ਰਿਪੋਰਟ ਪੜ੍ਹੀ ਗਈ। ਇਸ ਰਿਪੋਰਟ ਵਿੱਚ ਲਿਖਿਆ ਗਿਆ ਹੈ ਕਿ ਫਿਰੋਜ਼ਪੁਰ ਦੇ ਐਸਐਸਪੀ ਉਸ ਸਮੇਂ ਅਮਨ ਕਾਨੂੰਨ ਬਣਾਈ ਰੱਖਣ ਅਤੇ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੇ। ਦੱਸ ਦਈਏ ਕਿ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਪੀਐੱਮ ਦੇ ਕਾਫਲੇ ਨੂੰ 15 ਮਿੰਟ ਤੱਕ ਫਲਾਈਓਵਰ ਉੱਤੇ ਖੜ੍ਹਾ ਰਹਿਣਾ ਪਿਆ ਸੀ, ਜਿਸ ਕਾਰਨ ਪੀਐਮ ਮੋਦੀ ਰੈਲੀ ਰੱਦ ਕਰ ਦਿੱਲੀ ਪਰਤ ਗਏ ਸਨ।
ਉਥੇ ਹੀ ਮਾਮਲੇ ਵਿੱਚ ਸੁਪਰੀਮ ਕੋਰਟ ਦੁਆਰਾ ਗਠਿਤ ਕਮੇਟੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਉਪਚਾਰਕ ਉਪਾਵਾਂ ਦਾ ਸੁਝਾਅ ਦਿੱਤਾ ਹੈ। ਮਾਮਲੇ ਵਿੱਚ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸਰਕਾਰ ਨੂੰ ਰਿਪੋਰਟ ਭੇਜੇਗਾ ਤਾਂ ਕਿ ਕਾਰਵਾਈ ਕੀਤੀ ਜਾ ਸਕੇ।
ਜਾਂਚ ਲਈ ਬਣਾਈ ਗਈ ਸੀ ਕਮੇਟੀ: ਉਸ ਸਮੇਂ ਇਹ ਮਾਮਲਾ ਕਾਫੀ ਗਰਮਾ ਗਿਆ ਸੀ ਤੇ ਮੌਕੇ ਦੀ ਕਾਂਗਰਸ ਸਰਕਾਰ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਸਨ। ਇਸ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਵੀ ਨੋਟਿਸ ਲਿਆ ਸੀ ਤੇ ਸੁਪਰੀਮ ਕੋਰਟ ਨੇ ਜਾਂਚ ਲਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਉਸ ਸਮੇਂ ਜਾਂਚ ਲਈ ਬਣਾਈ ਗਈ ਕਮੇਟੀ ਦੁਆਰਾ ਫਲਾਈਓਵਰ ਦਾ ਦੌਰਾ ਕੀਤਾ ਗਿਆ ਤੇ ਜਾਂਚ ਕੀਤੀ ਗਈ ਸੀ। ਹਾਲਾਂਕਿ ਜਾਂਚ ਵਿੱਚ ਕੀ ਸਾਹਮਣੇ ਆਇਆ ਹੈ, ਇਸ ਨੂੰ ਅਜੇ ਜਨਤਕ ਨਹੀਂ ਕੀਤਾ ਗਿਆ ਹੈ।