ਚੰਡੀਗੜ੍ਹ:ਸੁਰੱਖਿਆ ਕਾਰਨਾਂ ਕਰਕੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ। ਰੈਲੀ ਰੱਦ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੂੰ ਇਸ ਦਾ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਜਿੱਥੇ ਵਿਰੋਧੀ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕਰ ਰਹੇ ਹਨ ਉਥੇ ਹੀ ਕਾਂਗਰਸ ਵੀ ਦੋਫਾੜ (Congress split over PM's security breach) ਹੁੰਦੀ ਹੋਈ ਨਜ਼ਰ ਆ ਰਹੀ ਹੈ।
ਇਹ ਵੀ ਪੜੋ:ਮੋਦੀ ਦੀ ਸੁਰੱਖਿਆ ਮਾਮਲੇ ’ਚ ਭਲਕੇ ਸੁਪਰੀਮ ਸੁਣਵਾਈ
ਕਾਂਗਰਸ ਹੋਈ ਦੋਫਾੜ
ਮੋਦੀ ਦੀ ਸੁਰੱਖਿਆ ਨੂੰ ਲੈ ਕੇ ਜਿੱਥੇ ਕਾਂਗਰਸੀ ਪੰਜਾਬ ਸਰਕਾਰ ਦੇ ਹੱਕ ’ਚ ਗੱਲ ਕਰ ਰਹੇ ਹਨ, ਉਥੇ ਹੀ ਪੰਜਾਬ ਦੇ ਕਈ ਵੱਡੇ ਕਾਂਗਰਸੀ ਆਗੂ ਇਸ ਲਈ ਪੰਜਾਬ ਸਰਕਾਰ ਨੂੰ ਜ਼ਿਮੇਵਾਰ ਠਹਿਰਾਅ ਰਹੇ ਹਨ।
ਸੁਨੀਲ ਜਾਖੜ ਦਾ ਟਵੀਟ
ਸੁਨੀਲ ਜਾਖੜ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਅੱਜ ਜੋ ਹੋਇਆ ਹੈ, ਉਹ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਇਹ ਪੰਜਾਬੀਅਤ ਦੇ ਖਿਲਾਫ ਹੈ। ਫਿਰੋਜ਼ਪੁਰ ਵਿੱਚ ਭਾਜਪਾ ਦੀ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਲਈ ਇੱਕ ਸੁਰੱਖਿਅਤ ਰਸਤਾ ਯਕੀਨੀ ਬਣਾਇਆ ਜਾਣਾ ਚਾਹੀਦਾ ਸੀ। ਇਸ ਤਰ੍ਹਾਂ ਲੋਕਤੰਤਰ ਕੰਮ ਕਰਦਾ ਹੈ।
ਰਾਣਾ ਗੁਰਜੀਤ ਦਾ ਬਿਆਨ
ਮਾਮਲੇ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਵੱਡੀ ਲਾਪਰਵਾਹੀ ਹੈ, ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਕਰ ਪਾਰਟੀ ਦੇ ਅਕਸ ਨੂੰ ਖਰਾਬ ਕੀਤਾ ਗਿਆ ਹੈ ਜੋ ਕਿ ਬਰਦਾਸ਼ਤ ਯੋਗ ਨਹੀਂ ਹੈ। ਮਾਮਲੇ ਵਿੱਚ ਰਾਣਾ ਗੁਰਜੀਤ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸੇ ਪਾਰਟੀ ਦਾ ਨਹੀਂ ਬਲਕਿ ਦੇਸ਼ ਦਾ ਹੁੰਦਾ ਹੈ, ਜਿਸ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਾਡੀ ਹੈ।
ਵਿਧਾਇਕ ਪਰਮਿੰਦਰ ਪਿੰਕੀ ਦਾ ਬਿਆਨ
ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਢਿੱਲ ਦੇ ਮਾਮਲੇ 'ਤੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਅਜਿਹੀ ਘਟਨਾ ਸ਼ਰਮਨਾਕ ਹੈ। ਵਿਧਾਇਕ ਪਿੰਕੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਹੈ, ਜਿਸ ਦੀ ਲਾਪਰਵਾਹੀ ਕਾਰਨ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਅਜਿਹੀ ਘਟਨਾ ਵਾਪਰੀ ਹੈ ਇਸ ਲਈ ਡੀਜੀਪੀ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਮਨੀਸ਼ ਤਿਵਾੜੀ ਦਾ ਟਵੀਟ
PM ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਮਨੀਸ਼ ਤਿਵਾੜੀ ਦਾ ਬਿਆਨ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਹੋਏ ਵਿਵਾਦ ਨੂੰ ਮੈਂ ਧਿਆਨ ਨਾਲ ਦੇਖ ਰਿਹਾ ਹਾਂ। ਕੱਲ੍ਹ ਜੋ ਹੋਇਆ ਉਹ ਸਭ ਤੋਂ ਮੰਦਭਾਗਾ ਸੀ, ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਉਹਨਾਂ ਨੇ ਕਿਹਾ ਕਿ ਸੁਰੱਖਿਆ ਉਲੰਘਣਾ ਇੱਕ ਸੰਵੇਦਨਸ਼ੀਲ ਮਾਮਲਾ ਹੈ, ਇਸ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਹਨਾਂ ਨੇ ਕਿਹਾ ਕਿ ਘਟਨਾ ਦੀ ਪੂਰੀ ਲੜੀ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਸਹੀ ਤੱਥ ਸਾਹਮਣੇ ਆ ਸਕਣ।
ਇਹ ਵੀ ਪੜੋ:PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ਨੂੰ ਲੈ ਕੇ ਉੱਚ ਪੱਧਰੀ ਕਮੇਟੀ ਦਾ ਗਠਨ
ਦੱਸ ਦੇਈਏ ਕਿ ਫਿਰੋਜ਼ਪੁਰ ਦੇ ਹੁਸੈਨੀਵਾਲਾ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਢਿੱਲ ਮੱਠ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਰੋਕੇ ਜਾਣ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਕਰੀਬ 20 ਮਿੰਟ ਤੱਕ ਫਲਾਈਓਵਰ ’ਤੇ ਫਸਿਆ ਰਿਹਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ ਐੱਸ.ਪੀ.ਜੀ. ਨੇ ਆਪਣੀ ਗੱਡੀ ਨੂੰ ਸੰਭਾਲ ਲਿਆ ਅਤੇ ਚਾਰੇ ਪਾਸੇ ਸੁਰੱਖਿਆ ਘੇਰਾ ਬਣਾ ਲਿਆ। ਸੁਰੱਖਿਆ ਵਿੱਚ ਢਿੱਲ ਦੇਣ ਤੋਂ ਬਾਅਦ, ਪੀਐਮ ਮੋਦੀ ਨੇ ਫਿਰੋਜ਼ਪੁਰ ਵਿੱਚ ਰੈਲੀ ਰੱਦ ਕਰ ਦਿੱਤੀ ਅਤੇ ਬਠਿੰਡਾ ਏਅਰਪੋਰਟ ਪਰਤ ਆਏ।