ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਕਾਰੀਡੋਰ ਰਾਹੀਂ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ ਉੱਤੇ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਪੰਜਾਬ ਪੁਲਿਸ ਨੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਹਿਣ 'ਤੇ ਕਰਤਾਰਪੁਰ ਲਾਂਘੇ ਰਾਹੀਂ ਪਰਤਣ ਵਾਲੇ ਕੁਝ ਸ਼ਰਧਾਲੂਆਂ ਤੋਂ ਪੁੱਛਗਿੱਛ ਕੀਤੀ ਸੀ।
ਪੁਲਿਸ ਦੀ ਕਾਰਵਾਈ ਦਾ ਸਪੱਸ਼ਟ ਤੌਰ 'ਤੇ ਪੱਖ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਜੇਕਰ ਆਈ.ਬੀ. ਵੱਲੋਂ ਜ਼ਾਹਿਰ ਕੀਤੀਆਂ ਸੁਰੱਖਿਆ ਚਿੰਤਾਵਾਂ ਦੇ ਸੰਦਰਭ ਵਿੱਚ ਗੁਰਦਾਸਪੁਰ ਪੁਲਿਸ ਸਹਿਯੋਗ ਕਰਨ 'ਚ ਨਾਕਾਮ ਰਹਿੰਦੀ ਤਾਂ ਉਨ੍ਹਾਂ ਨੇ ਪੁਲੀਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਸੀ।
ਬਜਟ ਪੇਸ਼ ਕਰਨ ਤੋਂ ਪਹਿਲਾਂ "ਆਪ" ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਚੁੱਕੇ ਗਏ ਮੁੱਦੇ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦੀ ਸੂਬੇ ਦੀ ਪੁਲਿਸ ਫੋਰਸ ਹੋਣ ਦੇ ਨਾਤੇ ਪੰਜਾਬ ਪੁਲਿਸ ਨੇ ਮਾਮਲੇ ਵਿੱਚ ਉਚਿਤ ਹੱਦਾਂ 'ਚ ਰਹਿ ਕੇ ਕਾਰਵਾਈ ਕੀਤੀ। ਇਹ ਜ਼ਿਕਰਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਵੀਰਵਾਰ ਨੂੰ ਸਦਨ ਵਿੱਚ ਰੌਲਾ-ਰੱਪਾ ਪਾਇਆ ਸੀ। ਵਿਰੋਧੀ ਧਿਰ ਨੇ ਬੀਤੇ ਦਿਨ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਜਵਾਬ ਦੀ ਮੰਗ ਕੀਤੀ ਸੀ।