ਚੰਡੀਗੜ੍ਹ: ਦੇਸ਼ ਦੇ ਸਭ ਤੋਂ ਵੱਡੇ ਕ੍ਰਾਂਤੀਕਾਰੀ ਤੇ ਅੰਗ੍ਰੇਜ਼ੀ ਹਕੂਮਤ ਦੀਆਂ ਜੜ੍ਹਾਂ ਨੂੰ ਆਪਣੇ ਹੌਂਸਲੇ ਨਾਲ ਹਿਲਾ ਦੇਣ ਵਾਲੇ ਭਗਤ ਸਿੰਘ ਨੇ ਮਹਿਜ਼ 23 ਸਾਲ ਦੀ ਉਮਰ 'ਚ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇ ਦਿੱਤੀ। 23 ਮਾਰਚ ਨੂੰ ਦੇਸ਼ ਵਾਸੀ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਰਾਜਗੁਰੂ ਤੇ ਸੁਖਦੇਵ ਸਣੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਦੂਜੇ ਪਾਸੇ ਕਈ ਸਿਆਸੀ ਆਗੂਆਂ ਨੇ ਵੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਵੀ ਸ਼ਰਧਾਂਜਲੀ ਦਿੱਤੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ਼ਹੀਦ ਦਿਵਸ ਤੇ ਭਾਰਤ ਮਾਤਾ ਦੇ ਅਮਰ ਸਪੂਤ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਕੋਟਿ ਕੋਟਿ ਪ੍ਰਣਾਮ। ਮਾਤਭੂਮੀ ਦੇ ਲਈ ਮਰ ਮਿਟਣ ਦਾ ਉਨ੍ਹਾਂ ਦਾ ਜ਼ਜਬਾ ਦੇਸ਼ਵਾਸੀਆਂ ਨੂੰ ਹਰ ਸਮੇਂ ਪ੍ਰੇਰਿਤ ਕਰਦਾ ਰਹੇਗਾ। ਜੈ ਹਿੰਦ।
ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਵੀ ਟਵੀਟ ਕਰਦੇ ਹੋਏ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ। ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ।