ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਅਗਲੇ ਮਹੀਨੇ ਬਿਜਲੀ ਦੀਆ ਦਰਾਂ ਮਹਿੰਗੀਆਂ ਹੋ ਸਕਦੀਆਂ ਹਨ।
ਭਗਵੰਤ ਮਾਨ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ ਗ਼ਲਤ ਤੇ ਮਾਰੂ ਸਮਝੌਤਿਆਂ ਕਾਰਨ ਨਿੱਜੀ ਥਰਮਲ ਪਲਾਂਟ ਮਾਰੂ ਸ਼ਰਤਾਂ ਦੀ ਆੜ 'ਚ ਸੁਪਰੀਮ ਕੋਰਟ ਰਾਹੀਂ ਵਸੂਲੀ ਕਰਨ 'ਤੇ ਉੱਤਰ ਆਏ ਹਨ।
ਉਨ੍ਹਾਂ ਨੇ ਕਿਹਾ ਕਿ ਇੱਕ-ਦੋ ਮਹੀਨਿਆਂ 'ਚ ਬਿਜਲੀ ਪ੍ਰਤੀ ਯੂਨਿਟ 10 ਪੈਸੇ ਮਹਿੰਗੀ ਹੋ ਜਾਵੇਗੀ, ਕਿਉਂਕਿ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਤਹਿਤ ਪੀਐਸਪੀਸੀਐਲ ਨੂੰ ਅਗਲੇ 2 ਮਹੀਨਿਆਂ 'ਚ ਰਾਜਪੁਰਾ ਤੇ ਤਲਵੰਡੀ ਸਾਬੋ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕ੍ਰਮਵਾਰ 1200 ਕਰੋੜ ਤੇ 1800 ਕਰੋੜ (ਕੁੱਲ 2800 ਕਰੋੜ) ਰੁਪਏ ਭੁਗਤਾਨ ਕਰਨੇ ਪੈਣਗੇ।
'ਪੰਜਾਬੀਆਂ ਨੂੰ ਅਜੇ ਹੋਰ ਲੱਗੇਗਾ ਬਿਜਲੀ ਦਾ ਝਟਕਾ'
ਪੰਜਾਬ 'ਚ ਅਗਲੇ ਮਹੀਨੇ ਬਿਜਲੀ ਦੀਆ ਦਰਾਂ ਮਹਿੰਗੀਆਂ ਹੋ ਸਕਦੀਆਂ ਹਨ। ਪੰਜਾਬ ਵਿਚ ਬਿਜਲੀ ਪ੍ਰਤੀ ਯੂਨਿਟ 10 ਪੈਸੇ ਮਹਿੰਗੀ ਹੋ ਜਾਵੇਗੀ।
ਇਹ ਵੀ ਪੜੋ: ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਾਤਨ ਦੇ ਮੰਤਰੀ ਦੀ ਕੀਤੀ ਚੰਗੀ ਲਾਹ-ਪਾ
ਭਗਵੰਤ ਮਾਨ ਨੇ ਕਿਹਾ ਕਿ ਜਿਸ ਸ਼ਰਤ ਦੇ ਆਧਾਰ 'ਤੇ ਸੁਪਰੀਮ ਕੋਰਟ ਨੇ 2800 ਕਰੋੜ ਰੁਪਏ ਦੀ ਬਕਾਇਆ ਰਕਮ ਭੁਗਤਾਨ ਕਰਨ ਦਾ ਹੁਕਮ ਸੁਣਾਇਆ ਹੈ, ਇਹ ਪਿਛਲੇ 4 ਸਾਲਾਂ ਲਈ ਹੈ, ਜਦਕਿ ਇਸ ਫ਼ੈਸਲੇ ਅਨੁਸਾਰ ਇਹ ਦੋਵੇਂ ਥਰਮਲ ਪਲਾਂਟ ਅਗਲੇ 21 ਸਾਲਾਂ 'ਚ ਸਰਕਾਰ (ਪੀਐਸਪੀਸੀਐਲ) ਤੋਂ 12000 ਕਰੋੜ ਰੁਪਏ ਹੋਰ ਵਸੂਲਣਗੇ। ਇਹ ਸਾਰਾ ਵਿੱਤੀ ਬੋਝ ਪੀਐਸਪੀਸੀਐਲ ਰਾਹੀਂ ਸੂਬੇ ਦੇ ਹਰੇਕ ਅਮੀਰ-ਗ਼ਰੀਬ ਬਿਜਲੀ ਖਪਤਕਾਰ ਦੀ ਜੇਬ 'ਤੇ ਹੀ ਪੈਣਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਬਿਨਾਂ ਤਲਵੰਡੀ ਸਾਬੋ, ਰਾਜਪੁਰਾ ਤੇ ਸ੍ਰੀ ਗੋਇੰਦਵਾਲ ਥਰਮਲ ਪਲਾਂਟਾਂ ਨੂੰ ਫਿਕਸਡ ਚਾਰਜ ਦੇ ਰੂਪ 'ਚ ਸਾਲਾਨਾ 2800 ਕਰੋੜ ਦਾ ਭੁਗਤਾਨ ਵੱਖਰਾ ਹੈ, ਜੋ 25 ਸਾਲਾਂ 'ਚ 70000 ਕਰੋੜ ਰੁਪਏ ਬਣਦਾ ਹੈ, ਜਦਕਿ ਸੁਪਰੀਮ ਕੋਰਟ ਨੇ ਇਹ ਤਾਜ਼ਾ ਫ਼ੈਸਲਾ ਕੋਲੇ ਦੀਆਂ ਖ਼ਾਨਾਂ 'ਤੇ ਭਰਾਈ ਸਮੇਂ 'ਕੋਲ ਵਾਸ਼ਿੰਗ ਚਾਰਜ' ਤੇ ਲੋਡਿੰਗ ਲੌਸ ਦੀ ਭਰਪਾਈ ਲਈ ਇਹ 2800 ਕਰੋੜ ਦੀ ਬਕਾਇਆ ਵਸੂਲੀ ਭੁਗਤਾਨ ਕਰਨ ਦੇ ਹੁਕਮ ਦਿੱਤੇ ਹਨ।