ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਅੱਜ ਮੀਟਿੰਗ ਹੋਈ। ਜਿਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ ਸੁਨੀਲ ਜਾਖੜ ਨੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਵਿਚਾਲੇ ਚੱਲ ਰਹੇ ਮਤਭੇਦਾਂ 'ਤੇ ਕਿਹਾ ਕਿ ਉਨ੍ਹਾਂ ਦੇ ਕਾਂਗਰਸ ਪਾਰਟੀ ਨਾਲ ਕਦੇ ਵੀ ਮਤਭੇਦ ਨਹੀਂ ਰਿਹਾ।
ਮੀਟਿੰਗ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਦੀ ਪ੍ਰਚਾਰ ਕਮੇਟੀ ਦੀ ਮੀਟਿੰਗ ਵਿੱਚ ਮੁੱਖ ਤੌਰ 'ਤੇ ਇਸ ਗੱਲ 'ਤੇ ਚਰਚਾ ਕੀਤੀ ਗਈ ਕਿ ਜਿਨ੍ਹਾਂ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਜੰਤਰ-ਮੰਤਰ 'ਤੇ ਧਰਨਾ ਦਿੱਤਾ ਹੈ, ਉਨ੍ਹਾਂ ਦਾ ਸਾਡੇ ਵੱਲੋਂ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਤਿੰਨ ਲੋਕ ਸਭਾ ਮੈਂਬਰ ਗੁਰਜੀਤ ਔਜਲਾ, ਰਵਨੀਤ ਸਿੰਘ ਬਿੱਟੂ ਅਤੇ ਜਸਬੀਰ ਸਿੰਘ ਡਿੰਪਾ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਸਨਮਾਨਿਤ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਕਦੇ ਵੀ ਕੋਈ ਮਤਭੇਦ ਨਹੀਂ ਰਿਹਾ।
ਇਸੇ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਸਹੀ ਰਸਤੇ ’ਤੇ ਚਲ ਰਹੀ ਹੈ। ਰੁਸੇ ਹੋਇਆ ਨੂੰ ਮਨਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ’ਚ ਉਨ੍ਹਾਂ ਨੂੰ ਸਾਥ ਲੈ ਕੇ ਚਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਚੋਣ ਕਮੇਟੀ ਦੀ ਮੀਟਿੰਗ ਭਲਕੇ ਵੀਰਵਾਰ ਨੂੰ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਹੋਵੇਗੀ, ਜਿਸ ਦੇ ਮੈਂਬਰ ਸੰਸਦ ਮੈਂਬਰ ਵੀ ਹਨ ਪਰ ਸੈਸ਼ਨ ਚੱਲ ਰਿਹਾ ਹੈ, ਜੋ ਵੀ ਹਾਜ਼ਰ ਹੋਵੇਗਾ, ਉਨ੍ਹਾਂ ਨਾਲ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਸੁਨੀਲ ਜਾਖੜ 'ਤੇ ਤੰਜ ਕਸਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਹੁੰਦਿਆਂ ਕੋਈ ਕੰਮ ਨਹੀਂ ਕੀਤਾ, ਜਿਸ ਨੂੰ ਲੈ ਕੇ ਸੁਨੀਲ ਜਾਖੜ ਨੇ ਵੀ ਸਿੱਧੂ ਦੇ ਅੰਦਾਜ਼ 'ਚ ਸਿੱਧੂ 'ਤੇ ਪਲਟਵਾਰ ਕੀਤਾ ਸੀ, ਜਿਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਦੋਹਾਂ ਤਲਬ ਕੀਤਾ ਸੀ। ਦੋਵੇਂ ਦਿੱਲੀ ਚਲੇ ਗਏ। ਜਿੱਥੇ ਦੋਹਾਂ ਦੀ ਇਹ ਪਹਿਲੀ ਮੁਲਾਕਾਤ ਸੀ।