ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ - ਦਿੱਲੀ ਚਲੋ
ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ 'ਤੇ ਬਲ ਦੀ ਜ਼ੋਰਦਾਰ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤੀ। ਪਰਨੀਤ ਕੌਰ ਨੇ ਅਫਸੋਸ ਜ਼ਾਹਰ ਕੀਤਾ ਕਿ ਕਿਸਾਨਾਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ।
ਚੰਡੀਗੜ੍ਹ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਮਾਰਗ ਦੇ ਨਾਲ ਅਤੇ ਕੌਮੀ ਰਾਜਧਾਨੀ ਦੁਆਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ।
ਪਰਨੀਤ ਕੌਰ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ 'ਤੇ ਬਲ ਦੀ ਜ਼ੋਰਦਾਰ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤੀ। ਪਰਨੀਤ ਕੌਰ ਨੇ ਅਫਸੋਸ ਜ਼ਾਹਰ ਕੀਤਾ ਕਿ ਕਿਸਾਨਾਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ। ਉਨ੍ਹਾਂ ਕਿਹਾ, “ਨੈਤਿਕ ਤੌਰ 'ਤੇ ਇਹ ਕੇਂਦਰ ਸਰਕਾਰ ਹੈ ਜਿਸਨੂੰ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਸੀ।” ਉਨ੍ਹਾਂ ਅੱਗੇ ਕਿਹਾ, “ਜਦੋਂ ਕਿਸਾਨ ਕੇਂਦਰ ਸਰਕਾਰ ਦਾ ਦਰਵਾਜ਼ਾ ਖੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਨ੍ਹਾਂ 'ਤੇ ਲਾਠੀਆਂ, ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਹੁਣ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਸੁਣੇਗੀ ਅਤੇ ਉਨ੍ਹਾਂ ਦਾ ਹੱਲ ਕਰੇਗੀ ਅਤੇ ਸਵਾਰਥ ਹਿੱਤਾਂ ਦੁਆਰਾ ਉਨਾਂ ਨੂੰ ਗੁੰਮਰਾਹ ਕੀਤੇ ਜਾਣ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ, “ਘੱਟੋ ਘੱਟ ਸਮਰਥਨ ਮੁੱਲ ਖ਼ਤਮ ਹੋਣ ਸਬੰਧੀ ਕਿਸਾਨਾਂ ਦੀਆਂ ਚਿੰਤਾਵਾਂ ਅਤੇ ਖ਼ਦਸ਼ੇ ਸਹੀ ਹਨ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨੀ ਉਪਾਵਾਂ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਕਿਸਾਨਾਂ ਦੀਆਂ ਇਨਾਂ ਚਿੰਤਾਵਾਂ ਅਤੇ ਖ਼ਦਸ਼ਿਆਂ ਨੂੰ ਦੂਰ ਕਰਨ ਵਿੱਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ।’’