ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਨੇ ਸੂਬੇ ਦੀ ਅਫ਼ਸਰਸ਼ਾਹੀ ਨੂੰ ਵੀ ਘੇਰੇ ਵਿੱਚ ਲੈ ਲਿਆ ਹੈ, ਜਿਸ ਤੋਂ ਬਾਅਦ ਸਰਕਾਰ ਵੀ ਹਰਕਤ 'ਚ ਆਈ ਹੈ। ਪੰਜਾਬ ਸਰਕਾਰ ਨੇ ਸੂਬਾ ਸਕੱਤਰੇਤ ਵਿੱਚ ਆਮ ਲੋਕਾਂ ਦੇ ਦਾਖ਼ਲੇ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਕੱਤਰੇਤ ਵਿੱਚ ਕੰਮ ਕਰਦੇ ਮੁਲਾਜ਼ਮਾਂ ਲਈ ਵੀ ਹਦਾਇਤਾਂ ਜਾਰੀ ਕੀਤੀ ਗਈਆਂ ਹਨ।
ਕੋੋਰੋਨਾ ਦਾ ਖ਼ੌਫ, ਆਮ ਲੋਕਾਂ ਲਈ ਬੰਦ ਕੀਤਾ ਸਕੱਤਰੇਤ ਪੰਜਾਬ ਸਕੱਤਰੇਤ ਵਿੱਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਸਕੱਤਰੇਤ ਦੀ ਲਾਇਬ੍ਰੇਰੀ ਵਿੱਚ ਇੱਕ ਕਰਮਚਾਰੀ ਕੋਰੋਨਾ ਤੋਂ ਪੀੜਤ ਪਾਇਆ ਗਿਆ ਹੈ। ਇਸ ਮਗਰੋਂ ਤਕਰੀਬ 25 ਮੁਲਾਜ਼ਮਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ।
ਸਕੱਤਰੇਤ ਦੇ ਇੱਕ ਮੁਲਾਜ਼ਮ ਨੇ ਦੱਸਿਆ ਕਿ ਸਰਕਾਰ ਨੇ ਸਵਧਾਨੀ ਵਜੋਂ ਸਕੱਤਰੇਤ ਵਿੱਚ ਆਮ ਲੋਕਾਂ ਦੇ ਆਉਣ 'ਤੇ ਰੋਕ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚੋਂ ਆਉਣ ਵਾਲੀ ਡਾਕ ਨੂੰ ਵੀ ਗੇਟ 'ਤੇ ਹੀ ਹਾਸਲ ਕੀਤਾ ਜਾ ਰਿਹਾ ਹੈ। ਸਕੱਤਰੇਤ ਦੇ ਮੁਲਾਜ਼ਮਾਂ ਨੂੰ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੇ ਕਮਰੇ ਤੋਂ ਬਿਨ੍ਹਾਂ ਕਿਸੇ ਹੋਰ ਵਿਭਾਗ ਦੇ ਕਮਰੇ ਵਿੱਚ ਨਾ ਜਾਣ।
ਤੁਹਾਨੂੰ ਦੱਸ ਦਈਏ ਕਿ ਪੰਚਾਇਤ ਵਿਭਾਗ ਦੇ ਨਿਰਦੇਸ਼ਕ ਵਿਪੁਲ ਉੱਜਵਲ ਦੇ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਪੰਚਾਇਤ ਵਿਕਾਸ ਭਵਨ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਸੇ ਨਾਲ ਹੀ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਵੀ ਸਿਹਤ ਵਿਭਾਗ ਦੀ ਟੀਮ ਪਹੁੰਚੀ ਹੈ।