ਧੋਖਬਾਜ਼ ਟ੍ਰੈਵਲ ਏਜੰਟਾ ਵਿਰੁੱਧ ਕਾਰਵਾਈ ਕਰਨ ਲਈ ਬਣਾਇਆ ਜਾਵੇਗਾ ਕਾਨੂੰਨ : ਚੰਨੀ
ਨੌਜਵਾਨਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਵਿਦੇਸ਼ਾਂ 'ਚ ਭੇਜਣ ਅਤੇ ਧੋਖੇਬਾਜ਼ ਟ੍ਰੈਵਲ ਏਜੰਟਾਂ ਦੇ ਸੋਸ਼ਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਬਣਾਇਆ ਜਾਵੇਗਾ ਇੱਕ ਵਿਸ਼ੇਸ਼ ਕਾਨੂੰਨ। ਨੌਜਵਾਨਾਂ ਨਾਲ ਠੱਗੀਆਂ ਮਾਰਨ ਵਾਲ਼ੇ ਟ੍ਰੈਵਲ ਏਜੰਟਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ।
ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿੱਚ ਭੇਜਣ ਅਤੇ ਧੋਖੇਬਾਜ਼ ਟ੍ਰੈਵਲ ਏਜੰਟਾਂ ਦੇ ਸੋਸ਼ਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇਗਾ। ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨਾਲ ਠੱਗੀਆਂ ਮਾਰਨ ਵਾਲ਼ੇ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਦੇ ਅਮਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਇਸ ਸਬੰਧੀ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਈ.ਟੀ.ਐਫ.ਟੀ ਕਾਲਜ ਵਿਖੇ ਕਰਵਾਈ ਗਈ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਉਦਘਾਟਨ ਸੈਸ਼ਨ ਦੀ ਪ੍ਰਧਾਨਗੀ ਕੀਤੀ। ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਟ੍ਰੈਵਲ ਏਜੰਟ ਨੂੰ ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਧੋਖੇਬਾਜ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਅਤੇ ਕਾਨੂੰਨੀ ਢੰਗ ਨਾਲ ਵਿਦੇਸ਼ ਜਾਣ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰੇਗੀ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ ਵਿੱਚ ਸਿੱਖਿਆ ਤੇ ਰੋਜ਼ਗਾਰ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੇ ਮੱਦੇਨਜ਼ਰ ਇੱਕ ਵਿਸ਼ੇਸ਼ ਸੈੱਲ ਵੀ ਬਣਾਇਆ ਜਾਵੇਗਾ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਉਪਰਾਲਾ ਪੰਜਾਬੀ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਵਧ ਰਹੇ ਰੁਝਾਨ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਹੈ। ਤਾਂ ਕਿ ਨਵੀਂ ਪੀੜੀ ਦੇ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਵੱਧ ਗਿਣਤੀ ਵਿੱਚ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।