ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਤਿੰਨ ਮਹੀਨਿਆਂ ਦੇ ਅੰਦਰ ਬਿਜਲੀ ਦੇ ਪ੍ਰੀਪੇਡ ਮੀਟਰ ਲਗਵਾਉਣ ਲਈ ਕਿਹਾ ਗਿਆ ਹੈ ਜਿਸ ਕਾਰਨ ਪੰਜਾਬ ਅਤੇ ਕੇਂਦਰ ਵਿਚਾਲੇ ਇੱਕ ਨਵਾਂ ਵਿਵਾਦ ਖੜਾ ਹੋ ਗਿਆ ਹੈ। ਮੀਡੀਆ ਰਿਪੋਟ ਦੇ ਮੁਤਾਬਿਕ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਪੰਜਾਬ ਅੰਦਰ ਪ੍ਰੀਪੇਡ ਮੀਟਰ ਲਗਾਉਣ ਲਈ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਮਾਰਟ ਮੀਟਰ ਲਗਾਏ ਜਾਣਗੇ।
ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ: ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ (Harbhajan Singh) ਨੇ ਕਿਹਾ ਹੈ ਕਿ ਪੰਜਾਬ ਵਿਚ ਬਿਜਲੀ ਦਾ ਕੋਈ ਸੰਕਟ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਕੋਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਝਾਰਖੰਡ ਭੇਜਿਆ ਗਿਆ ਹੈ, ਲੋੜ ਮੁਤਾਬਿਕ ਪ੍ਰਬੰਧ ਕਰ ਲਿਆ ਜਾਵੇਗਾ। ਨਾਲ ਹੀ ਪੰਜਾਬ ’ਚ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ।
300 ਯੂਨਿਟ ਮੁਫਤ ਬਿਜਲੀ: ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਪਰ ਇਸ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਪ੍ਰੀਪੇਡ ਮੀਟਰ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਦੇ ਮੁਫਤ ਬਿਜਲੀ ਦੇ ਵਾਅਦੇ ਨੂੰ ਪੂਰਾ ਕਰਨ ਚ ਰੁਕਾਵਟ ਬਣ ਸਕਦਾ ਹੈ।