ਚੰਡੀਗੜ੍ਹ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ 'ਤੇ ਵੈਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਹਨਾਂ ਅੱਜ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ 100 ਫ਼ੀਸਦੀ ਵੈਬਕਾਸਟਿੰਗ ਕੀਤੀ ਜਾਵੇਗੀ।
ਸੀ.ਈ.ਓ. ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਚਿੰਤਾਵਾਂ, ਵਿਸ਼ੇਸ਼ ਸੋਧ ਅਤੇ ਚੋਣ ਤਿਆਰੀਆਂ ਬਾਰੇ ਜਾਣਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 2022 ਲਈ ਚੋਣ ਤਿਆਰੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨਾਲ ਵਧੀਕ ਸੀ.ਈ.ਓ. ਅਮਨਦੀਪ ਕੌਰ ਵੀ ਮੌਜੂਦ ਸਨ।
ਚੋਣਾਂ ਦੌਰਾਨ ਸੁਰੱਖਿਆ ਬਾਰੇ ਸਿਆਸੀ ਪਾਰਟੀ ਦੇ ਨੁਮਾਇੰਦੇ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਲਈ ਸੁਰੱਖਿਆ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਕੇਂਦਰੀ ਪੈਰਾ ਮਿਲਟਰੀ ਫੋਰਸਿਜ਼ ਦੀ ਮੰਗ ਲਈ ਅੰਤਿਮ ਮੁਲਾਂਕਣ 10 ਦਸੰਬਰ, 2021 ਤੱਕ ਈਸੀਆਈ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਵਾਧੂ ਫੋਰਸਿਜ਼ ਨਾਜ਼ੁਕ ਪੋਲਿੰਗ ਬੂਥਾਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਤਾਇਨਾਤ ਕੀਤੀਆਂ ਜਾਣਗੀਆਂ।
ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਕਰਦਾ ਹੈ ਜਾਂ ਵੋਟ ਪ੍ਰਕਿਰਿਆ ਵਿੱਚ ਵਿਘਨ ਪਾਉਣ ਜਾਂ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਉਨ੍ਹਾਂ ਦੇ ਧਿਆਨ ਵਿੱਚ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਦਫਤਰ ਨੂੰ ਤੁਰੰਤ ਸੂਚਿਤ ਕਰਨ।