ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦੀ ਸਿਆਸਤ ਭਖਦੀ ਜਾ ਰਹੀ ਹੈ। ਇਸ ਦੌਰਾਨ ਸਿਆਸੀ ਆਗੂਆਂ ਦੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਦੀ ਅਗਵਾਈ ਵਿੱਚ ਮਦਨ ਮੋਹਨ ਮਿੱਤਲ ਭਾਜਪਾ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਮਦਨ ਮੋਹਨ ਮਿੱਤਲ ਦੇ ਨਾਲ ਹੀ ਉਨ੍ਹਾਂ ਦੇ ਬੇਟੇ ਅਤੇ ਪੰਜਾਬ ਭਾਜਪਾ ਦੇ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਅਕਾਲੀ ਦਲ ਦਾ ਸੀਨੀਅਰ ਵਾਇਸ ਪ੍ਰੈਜੀਡੈਂਟ ਤੇ ਆਨੰਦਪੁਰ ਸਾਹਿਬ ਤੋਂ ਹਲਕਾ ਇੰਚਾਰਜ ਬਣਾਉਣ ਦਾ ਐਲਾਨ ਵੀ ਕੀਤਾ। ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਉਹ 1962 ਤੋਂ ਭਾਜਪਾ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਵੱਖ ਵੱਖ ਅਹੁਦਿਆਂ ਤੇ ਰਹਿ ਕੇ ਉਨ੍ਹਾਂ ਪਾਰਟੀ ਦੀ ਸੇਵਾ ਕੀਤੀ ਹੈ। ਉਨ੍ਹਾਂ ਦੁੱਖ ਜਤਾਉਂਦਿਆ ਕਿਹਾ ਕਿ ਉਹ ਆਪਣੀ ਮਾਂ ਪਾਰਟੀ ਤੋਂ ਵੱਖ ਹੋ ਰਹੇ ਹਨ।
ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਅਕਾਲੀ ਦਲ ’ਚ ਸ਼ਾਮਲ ਉਨ੍ਹਾਂ ਪਾਰਟੀ ਖਿਲਾਫ਼ ਰੋਸ ਜਤਾਉਂਦਿਆ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਚੋਣ ਜਿੱਤ ਉਹ ਦੋ ਵਾਰ ਕੈਬਨਿਟ ਮੰਤਰੀ ਦੇ ਅਹੁਦੇ ’ਤੇ ਵੀ ਰਹੇ। ਉਨ੍ਹਾਂ ਭਾਜਪਾ ਤੇ ਟਿਕਣ ਨਾ ਦੇਣ ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੇ ਪਰਿਵਾਰ ਨੂੰ ਇਸ ਵਾਰ ਟਿਕਟ ਜ਼ਰੂਰ ਦੇਵੇਗੀ ਪਰ ਪਾਰਟੀ ਵੱਲੋਂ ਉਨ੍ਹਾਂ ਅਤੇ ਹਲਕੇ ਦੇ ਵੋਟਰਾਂ ਦੀ ਅਣਦੇਖੀ ਕਰਦਿਆਂ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਅਰਵਿੰਦ ਮਿੱਤਲ ਦੀ ਜਗ੍ਹਾ ਦੁਬਾਰਾ ਫਿਰ ਪਿਛਲੀ ਵਾਰ ਬੁਰੀ ਤਰ੍ਹਾਂ ਚੋਣ ਹਾਰੇ ਪਰਮਿੰਦਰ ਸ਼ਰਮਾ ਨੂੰ ਹੀ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਆਪਣੀ ਪਾਰਟੀ ਨੂੰ ਅਲਵਿਦਾ ਕਹਿਣਾ ਪਿਆ ਹੈ।
ਇਸ ਮੌਕੇ ਮਿੱਤਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਹੱਕ ਲਈ ਹਮੇਸ਼ਾ ਸਟੈਂਡ ਲਿਆ ਹੈ। ਉਹ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨ। ਮਦਨ ਮੋਹਨ ਮਿੱਤਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਮਰ ਜ਼ਿਆਦਾ ਹੋਣ ਕਾਰਨ ਉਹਨਾਂ ਨੂੰ ਟਿਕਟ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਸਲਿਆਂ 'ਤੇ ਇਕਜੁੱਟ ਹੋ ਕੇ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਉਦਯੋਗ ਹੋਵੇ ਜਾਂ ਬਿਜਲੀ ਮੈਂ ਬਿਹਤਰ ਜਾਣਦਾ ਹਾਂ ਕਿਉਂਕਿ ਮੈਂ ਉਦਯੋਗ ਮੰਤਰੀ ਰਿਹਾ ਹਾਂ। ਉਨ੍ਹਾਂ ਕਿਹਾ ਕਿ ਹੁਣ ਬਿਜਲੀ, ਖੇਤੀਬਾੜੀ ਅਤੇ ਸ਼ਹਿਰੀ ਸਹੂਲਤਾਂ 'ਤੇ ਕੰਮ ਕਰਕੇ ਪੰਜਾਬ ਨੂੰ ਖੁਸ਼ਹਾਲ ਬਣਾਵਾਂਗੇ ।
ਇਹ ਵੀ ਪੜ੍ਹੋ:Captain ਨੂੰ ਝਟਕਾ ! ਅਮਰਿੰਦਰ ਦੀ ਪਾਰਟੀ ਦੇ ਉਮੀਦਵਾਰ ਹਾਕੀ ਬਾਲ ਤੋਂ ਨਹੀਂ ਲੜਨਾ ਚਾਹੁੰਦੇ ਚੋਣ, ਭਾਜਪਾ ਦਾ ਕਮਲ ਪਸੰਦ