ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ਉੱਪਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਕਿ ਸੱਤਾ ਹਾਸਿਲ ਕੀਤੀ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲਗਾਤਾਰ ਚੋਣ ਪ੍ਰਚਾਰ ਕਰ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਤਰਨਤਾਰਨ ਦੇ ਖੇਮਕਰਨ ਪਹੁੰਚੇ ਹਰਸਿਮਰਤ ਬਾਦਲ ਵੱਲੋਂ ਵਿਰੋਧੀ ਪਾਰਟੀਆਂ ਉੱਤੇ ਜੰਮਕੇ ਨਿਸ਼ਾਨੇ ਸਾਧੇ ਗਏ ਹਨ।
ਹਰਸਿਮਰਤ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਵੱਲੋਂ ਮੁੱਖ ਮੰਤਰੀ ਰਹਿੰਦਿਆਂ ਕੁਝ ਨਹੀਂ ਕੀਤਾ ਗਿਆ ਅਤੇ ਹੁਣ ਚਰਨਜੀਤ ਚੰਨੀ ਵੱਲੋਂ ਐਲਾਨ ਹੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਗਰੀਬ ਨੂੰ ਪਲਾਟ ਦਿੱਤਾ ਗਿਆ ਹੈ। ਹਰਸਿਮਰਤ ਨੇ ਕਿਹਾ ਕਿ ਸਰਕਾਰ ਹਰ ਕੰਮ ਵਿੱਚ ਫੇਲ੍ਹ ਸਾਬਿਤ ਹੋਈ ਹੈ।
ਇਸਦੇ ਨਾਲ ਹੀ ਹਰਸਿਮਰਤ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਘਰ ਬਾਹਰ ਆਪਣੇ ਹੱਕ ਮੰਗ ਰਹੀਆਂ ਐਨਐਚਐਮ ਮੁਲਾਜ਼ਮਾਂ ਉੱਪਰ ਤਸ਼ੱਦਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੇੜੀ ਦੀ ਤਰ੍ਹਾਂ ਪ੍ਰਦਰਸ਼ਨਕਾਰੀਆਂ ਉੱਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਿ ਨਿੰਦਣਯੋਗ ਘਟਨਾ ਹੈ। ਹਰਸਿਮਰਤ ਨੇ ਬੀਜੇਪੀ ਅਤੇ ਕਾਂਗਰਸ ’ਤੇ ਵਰ੍ਹਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇੱਕੋ ਹੀ ਏਜੰਡਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ 100 ਸਾਲ ਪੁਰਾਣੀ ਖੇਤਰੀ ਪਾਰਟੀ ਹੈ ਉਸਨੂੰ ਹਰਾਇਆ ਜਾਵੇ।
ਇਸ ਮੌਕੇ ਉਨ੍ਹਾਂ ਕਿਹਾ ਦਿੱਲੀ ਕਮੇਟੀ ਉੱਪਰ ਬੀਜੇਪੀ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਧੱਕੇ ਨਾਲ ਪ੍ਰਧਾਨ ਥਾਪਿਆ ਜਾ ਰਿਹਾ ਸੀ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਜਿਹਾ ਖਤਰਾ ਪੰਜਾਬ ਉੱਪਰ ਵੀ ਮੰਡਰਾ ਰਿਹਾ ਹੈ।ਉਨ੍ਹਾਂ ਪੰਜਾਬ ਦੇ ਆਵਾਮ ਨੂੰ ਅਪੀਲ ਕੀਤੀ ਕਿ ਉਹ ਗਲਤ ਚਾਲਾਂ ਚੱਲਣ ਵਾਲੀਆਂ ਪਾਰਟੀਆਂ ਸਬੰਧੀ ਜਾਗਰੂਕ ਹੋਣ ਅਤੇ ਅਕਾਲੀ ਦਲ ਬਸਪਾ ਗੱਠਜੋੜ ਦਾ ਸਮਰਥਨ ਕਰਨ ਤਾਂ ਕਿ ਪੰਜਾਬ ਦੇ ਭਲੇ ਲਈ ਕੁਝ ਕੀਤਾ ਜਾ ਸਕੇ।
ਇਹ ਵੀ ਪੜ੍ਹੋ:ਚਰਨਜੀਤ ਚੰਨੀ ਨੇ ਸੋਨੀਆ ਗਾਂਧੀ ਨੂੰ ਕੋਵਿਡ ਸਬੰਧੀ ਤਿਆਰੀਆਂ ਬਾਰੇ ਜਾਣੂ ਕਰਵਾਇਆ