ਚੰਡੀਗੜ੍ਹ:ਸੂਬੇ ਵਿੱਚ ਵਿਧਾਨਸਭਾ ਚੋਣਾਂ 2022 (Assembly Elections 2022) ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਪੰਜਾਬ ਦੀ ਸੱਤਾ ਹਾਸਿਲ ਕਰਨ ਦੇ ਲਈ ਸਿਆਸੀ ਪਾਰਟੀਆਂ ਦੇ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸਦੇ ਚੱਲਦੇ ਹੀ ਸਿਆਸੀ ਪਾਰਟੀਆਂ ਕਈ ਤਰ੍ਹਾਂ ਦੀਆਂ ਰਣਨੀਤੀਆਂ ਬਣਾ ਰਹੀਆਂ ਹਨ। ਪਿਛਲੇ ਦਿਨੀਂ ਪੰਜਾਬ ਭਾਜਪਾ ਲੀਡਰਸ਼ਿੱਪ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸ਼ੇਖਾਵਤ, ਕੇਂਦਰੀ ਮੰਤਰੀ ਹਰਦੀਪ ਪੁਰੀ ਸਮੇਤ ਪੰਜਾਬ ਭਾਜਪਾ ਦੀ ਲੀਡਰਸ਼ਿੱਪ ਮੌਜੂਦ ਰਹੀ।
ਇਸ ਸਬੰਧੀ ਪੂਰੀ ਜਾਣਕਾਰੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਵੱਲੋਂ ਦਿੱਤੀ ਗਈ ਹੈ। ਜੀਵਨ ਗੁਪਤਾ ਨੇ ਦੱਸਿਆ ਕਿ ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣ ਨੂੰ ਲੈਕੇ ਮੀਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਕਈ ਕਮੇਟੀਆਂ ਬਣਾਈਆਂ ਜਾਣੀਆਂ ਸਨ ਜਿਸ ਸਬੰਧੀ ਵਿਸਥਾਰ ਵਿੱਚ ਚਰਚਾ ਹੋਈ ਅਤੇ ਚਰਚਾ ਤੋਂ ਬਾਅਦ ਲਿਸਟ ਭਾਜਪਾ ਦੇ ਕੌਮੀ ਪ੍ਰਧਾਨ ਕੋਲ ਭੇਜ ਦਿੱਤੀ ਗਈ ਹੈ।
ਚੋਣ ਪਿੜ ਵਿੱਚ ਉਮੀਦਵਾਰ ਉਤਾਰਨ ਨੂੰ ਲੈਕੇ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੱਕ ਮੀਟਿੰਗ ਭਾਜਪਾ ਦੀ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਜਲਦ ਇੱਕ ਹੋਰ ਮੀਟਿੰਗ ਹੋਵੇਗੀ। ਭਾਜਪਾ ਆਗੂ ਨੇ ਦੱਸਿਆ ਕਿ ਜਲਦ ਹੀ ਉਮੀਦਵਾਰਾਂ ਬਾਰੇ ਐਲਾਨ ਕਰ ਦਿੱਤਾ ਜਾਵੇਗਾ।