ਚੰਡੀਗੜ੍ਹ :ਪੰਜਾਬ 'ਚ ਭਾਜਪਾ ਲੀਡਰਾਂ 'ਤੇ ਹੋ ਰਹੇ ਹਮਲੇ ਅਤੇ ਵਿਗੜਦੀ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਪੰਜਾਬ ਭਾਜਪਾ ਵਫ਼ਦ ਵੱਲੋਂ ਪੰਜਾਬ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਾਲਾਂਕਿ ਇਸ ਤੋਂ ਪਹਿਲਾਂ ਵੀ ਅਸੀਂ ਪੰਜਾਬ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ ਪਰ ਅਜੇ ਤਕ ਹਾਲਾਤ ਨਹੀਂ ਸੁਧਰੇ ਹਨ।
ਭਾਜਪਾ ਪ੍ਰਧਾਨ ਨੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਰਜੀਤ ਗਰੇਵਾਲ ਦੀ ਫਸਲ ਨੂੰ ਵੱਢ ਦਿੱਤਾ ਜਾਂਦਾ ਹੈ। ਭਾਜਪਾ ਦੇ ਲੀਡਰਾਂ ਉੱਤੇ ਹਮਲੇ ਹੋ ਰਹੇ ਹਨ ਪਰ ਪੁਲੀਸ ਮੂਕ ਦਰਸ਼ਕ ਬਣੀ ਹੋਈ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਰਾਜਪਾਲ ਨਾਲ ਮਿਲ ਕੇ ਉਨ੍ਹਾਂ ਨੂੰ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਲੋਕਤੰਤਰ ਸਾਨੂੰ ਅਧਿਕਾਰ ਦਿੰਦਾ ਹੈ ਕਿ ਅਸੀਂ ਰਾਜਨੀਤਿਕ ਪਾਰਟੀ ਹੋਣ ਦੇ ਨਾਤੇ ਆਪਣੀ ਗੱਲ ਲੋਕਾਂ ਸਾਹਮਣੇ ਜਾ ਕੇ ਰੱਖ ਸਕੀਏ।