ਚੰਡੀਗੜ੍ਹ: ਸੂਬੇ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਸਿਆਸੀ ਪਾਰਟੀਆਂ ਦੇ ਵੱਲੋਂ ਕਰਤਾਰਪੁਰ ਲਾਂਘੇ ’ਤੇ ਕਰੈਡਿਟ ਲੈਣ ਦੇ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਭਖੀ ਸਿਆਸਤ ਦੇ ਦੌਰਾਨ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (BJP president Ashwani Sharma) ਦੀ ਅਗਵਾਈ ਦੇ ਵਿੱਚ ਭਾਜਪਾ ਦਾ ਵਫਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ। ਭਾਜਪਾ ਵਫਦ ਦੇ ਵੱਲੋਂ ਪੀਐੱਮ ਮੋਦੀ ਤੋਂ ਕਰਤਾਰਪੁਰ ਲਾਂਘਾ (Kartarpur Corridor) ਖੋਲ੍ਹਣ ਦੀ ਅਪੀਲ ਕੀਤੀ ਗਈ ਹੈ। ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਬਣੇ ਪਾਕਿਸਤਾਨ ਸਥਿਤ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਿਨਾਂ ਵੀਜ਼ੇ ਦੇ ਦਰਸ਼ਨ ਕਰਨ ਲਈ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲਣ ਨੂੰ ਲੈ ਕੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦੇ ਵਫਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਇਸ ਵਫ਼ਦ ਵਿੱਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਸੂਬਾ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਦੇ ਕੌਮੀ ਸਕੱਤਰ ਤੇ ਸੂਬਾ ਭਾਜਪਾ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ, ਭਾਜਪਾ ਦੇ ਕੌਮੀ ਬੁਲਾਰੇ ਡਾ. ਆਰ. ਪੀ. ਸਿੰਘ, ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ, ਰਜਿੰਦਰ ਮੋਹਨ ਸਿੰਘ ਛੀਨਾ, ਹਰਜੀਤ ਸਿੰਘ ਗਰੇਵਾਲ, ਸੰਤੋਖ ਸਿੰਘ ਗੁਮਟਾਲਾ, ਵਿਕਰਮਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ।
ਅਸ਼ਵਨੀ ਸ਼ਰਮਾ (Ashwani Sharma) ਨੇ ਮੀਟਿੰਗ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਹੀਨੇ 19 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ ਅਤੇ ਨਾਨਕ ਨਾਮ ਲੇਵਾ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮੰਗ ਕਰ ਰਹੀਆਂ ਹਨ। ਜਿਸ ਨੂੰ ਕੋਵਿਡ ਕਾਰਨ ਬੰਦ ਕਰ ਦਿੱਤਾ ਗਿਆ ਸੀ। ਸ਼ਰਮਾ ਨੇ ਕਿਹਾ ਕਿ ਨਾਨਕ ਨਾਮ ਲੇਵਾ ਸੰਗਤਾਂ ਸਮੇਤ ਅਸੀਂ ਸਾਰੇ ਵਿਛੜੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਰੋਜ਼ਾਨਾ ਅਰਦਾਸ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਪਾਕਿਸਤਾਨ ਦੀ ਸਰਹੱਦ ਦੇ ਅੰਦਰ ਸਿਰਫ਼ 4.7 ਕਿਲੋਮੀਟਰ ਅੰਦਰ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਦੇਸ਼ ਦੀ ਆਜ਼ਾਦੀ ਦੇ ਸਮੇਂ ਪਾਕਿਸਤਾਨ ਵਿਚ ਛੱਡ ਦਿੱਤਾ ਗਿਆ ਸੀ, ਜੋ ਕਿ ਭਾਰਤ ਦਾ ਹਿੱਸਾ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਨਾਨਕ ਨਾਮ ਲੇਵਾ ਸੰਗਤ ਦੀ ਅਰਦਾਸ ਨੂੰ 60 ਸਾਲਾਂ ਤੱਕ ਤਤਕਾਲੀ ਕਾਂਗਰਸ ਸਰਕਾਰਾਂ ਨੇ ਅਣਗੌਲਿਆ ਕੀਤਾ।