ਚੰਡੀਗੜ੍ਹ: ਭਾਜਪਾ ਆਗੂ ਫਤਿਹ ਜੰਗ ਸਿੰਘ ਬਾਜਵਾ ਅਤੇ ਐਸਐਸ ਚੰਨੀ ਵੱਲੋਂ ਚੰਡੀਗੜ੍ਹ ਪੰਜਾਬ ਭਾਜਪਾ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਭ੍ਰਿਸ਼ਟਾਚਾਰ ਵਿਰੁੱਧ ਆਮ ਆਦਮੀ ਪਾਰਟੀ ਸਰਕਾਰ ਦੀ ਚੱਲ ਰਹੀ ਮੁਹਿੰਮ 'ਤੇ ਸਵਾਲ ਖੜ੍ਹੇ ਕੀਤੇ। ਇਨ੍ਹਾਂ ਆਗੂਆਂ ਨੇ ਸਿੱਧੇ ਤੌਰ ’ਤੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫਤਿਹ ਜੰਗ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਹੈ। ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਅਤੇ ਅੱਜ ਉਹ ਇੰਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਨ ਤੋਂ ਪਿੱਛੇ ਹਟ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਇੱਕ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਕੇ ਜੇਲ੍ਹ ਭੇਜ ਦਿੱਤਾ ਸੀ ਅਤੇ ਸਰਕਾਰ ਨੇ ਉਸ ਨੂੰ ਜੇਲ੍ਹ ਭੇਜਣ ਦੇ ਨਾਂ 'ਤੇ ਜਨਤਾ ਸਾਹਮਣੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਵਿਜੇ ਸਿੰਗਲਾ ਦੀ ਭ੍ਰਿਸ਼ਟਾਚਾਰ ਸਬੰਧੀ ਕੋਈ ਰਿਕਾਰਡਿੰਗ ਮੁੱਖ ਮੰਤਰੀ ਕੋਲ ਸੀ ਤਾਂ ਉਸ ਨੂੰ ਜਨਤਕ ਕਿਉਂ ਨਹੀਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਹ ਸਵਾਲ ਵੀ ਉਠਾਇਆ ਕਿ ਭ੍ਰਿਸ਼ਟਾਚਾਰ ਤਾਂ ਨਹੀਂ ਹੋਇਆ, ਜੇਕਰ ਮੁੱਖ ਮੰਤਰੀ ਨੂੰ ਇਸ ਸਬੰਧੀ ਕੋਈ ਜਾਣਕਾਰੀ ਸੀ ਕਿ ਭ੍ਰਿਸ਼ਟਾਚਾਰ ਹੋਣ ਵਾਲਾ ਹੈ ਤਾਂ ਉਨ੍ਹਾਂ ਨੂੰ ਉਸ ਘਟਨਾ ਨੂੰ ਵਾਪਰਨ ਦੇਣਾ ਚਾਹੀਦਾ ਸੀ ਅਤੇ ਮੰਤਰੀ ਨੂੰ ਰੰਗੇ ਹੱਥੀਂ ਫੜਨਾ ਚਾਹੀਦਾ ਸੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਦੀ ਸਰਕਾਰ ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀ ਆਸ਼ੂ 'ਤੇ ਦੋ ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦੇ ਇਲਜ਼ਾਮ ਲਗਾ ਰਹੀ ਹੈ। ਮੁੱਖ ਮੰਤਰੀ ਦੇ ਮੰਤਰੀ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਤੇ ਵੀ ਜ਼ਮੀਨ ਘਪਲੇ ਦਾ ਇਲਜ਼ਾਮ ਲਗਾ ਰਹੇ ਹਨ, ਜਿਸ 'ਚ ਉਨ੍ਹਾਂ 'ਤੇ ਕਰੋੜਾਂ ਦਾ ਗਬਨ ਕਰਨ ਦਾ ਇਲਜ਼ਾਮ ਹੈ। ਇੰਨਾ ਹੀ ਨਹੀਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਬੱਸ ਦੀ ਬਾਡੀ ਦੇ ਮਾਮਲੇ ਵਿੱਚ ਕਰੋੜਾਂ ਦੇ ਘਪਲੇ ਦੇ ਇਲਜ਼ਾਮ ਲੱਗ ਰਹੇ ਹਨ।
ਉਨ੍ਹਾਂ ਨੇ ਇਨ੍ਹਾਂ ਸਾਰੇ ਮਾਮਲਿਆਂ ਲਈ ਸਰਕਾਰ 'ਤੇ ਇਲਜ਼ਾਮ ਲਾਇਆ ਕਿ ਸਰਕਾਰ ਇਨ੍ਹਾਂ ਮਾਮਲਿਆਂ ਦੀ ਕਿਸੇ ਵੀ ਤਰ੍ਹਾਂ ਦੀ ਜਾਂਚ ਕਰਵਾ ਕੇ ਕਾਰਵਾਈ ਕਿਉਂ ਨਹੀਂ ਕਰ ਰਹੀ। ਆਖ਼ਰ ਸਰਕਾਰ ਇੰਨ੍ਹਾਂ ਸਾਰੇ ਮੁਲਜ਼ਮਾਂ ਨੂੰ ਜਾਂਚ ਏਜੰਸੀਆਂ ਦੇ ਸਾਹਮਣੇ ਪੇਸ਼ ਕਿਉਂ ਨਹੀਂ ਕਰ ਰਹੀ ਅਤੇ ਸਰਕਾਰ ਇਨ੍ਹਾਂ ਮਾਮਲਿਆਂ ਵਿਚ ਕੋਈ ਕਾਰਵਾਈ ਕਰਨ ਤੋਂ ਕਿਉਂ ਪਿੱਛੇ ਹਟ ਰਹੀ ਹੈ। ਸਰਕਾਰ 'ਤੇ ਇਲਜ਼ਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਹੁਣ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਭਾਈਚਾਰਕ ਸਾਂਝ ਬਣ ਗਈ ਹੈ। ਜਿਸ ਕਾਰਨ ਸਰਕਾਰ ਇਨ੍ਹਾਂ ਮਾਮਲਿਆਂ ਵਿੱਚ ਕੋਈ ਤੇਜ਼ੀ ਨਾਲ ਕਾਰਵਾਈ ਨਹੀਂ ਕਰ ਰਹੀ ਹੈ।
ਭਾਜਪਾ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨਾਲ ਵਾਲੀ ਕੋਠੀ ਨੰਬਰ 50 ਵਿੱਚ ਰਹਿ ਰਹੇ ਸ਼ਖ਼ਸ ਤੇ ਵੀ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਕਿ ਲੱਗਦਾ ਹੈ ਕਿ 50 ਨੰਬਰ ਕੋਠੀ ਵਿੱਚ ਰਹਿਣ ਵਾਲੇ ਵਿਅਕਤੀ ਨਾਲ ਕੁਝ ਨਾ ਕੁਝ ਹੋਇਆ ਹੈ। ਇਸੇ ਕਰਕੇ ਸਰਕਾਰ ਇਨ੍ਹਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਕਹਿੰਦੀ ਹੈ ਕਿ ਉਨ੍ਹਾਂ ਕੋਲ ਇੰਨ੍ਹਾਂ ਮਾਮਲਿਆਂ ਦੇ ਸਬੂਤ ਹਨ, ਜੇਕਰ ਉਨ੍ਹਾਂ ਕੋਲ ਇਨ੍ਹਾਂ ਮਾਮਲਿਆਂ ਦੇ ਸਬੂਤ ਹਨ ਤਾਂ ਇਨ੍ਹਾਂ ਮਾਮਲਿਆਂ ਦੀ ਜਾਂਚ ਕਿਉਂ ਨਹੀਂ ਕੀਤੀ ਗਈ। ਨਾਲ ਹੀ ਇਨ੍ਹਾਂ ਆਗੂਆਂ ਨੂੰ ਜਾਂਚ ਲਈ ਕਿਉਂ ਨਹੀਂ ਬੁਲਾਇਆ ਗਿਆ। ਇਸਦਾ ਮਤਲਬ ਹੈ ਕਿ ਕੁਝ ਗਲਤ ਹੈ?