ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਨੇ ਬੁੱਧਵਾਰ ਨੂੰ 6 ਹੋਰ ਵਿਭਾਗਾਂ ਦੀ 4 ਸਾਲਾ ਰਣਨੀਤਕ ਕਾਰਜ ਯੋਜਨਾ 2019-23 ਅਤੇ ਸਾਲਾਨਾ ਕਾਰਜ ਯੋਜਨਾ 2019-20 ਨੂੰ ਹਰੀ ਝੰਡੀ ਦੇ ਦਿੱਤੀ, ਇਸ ਦੇ ਨਾਲ ਹੀ ਸੂਬੇ ਵਿੱਚ ਅਜਿਹੀਆਂ ਯੋਜਨਾਵਾਂ ਵਾਲੇ ਵਿਭਾਗਾਂ ਦੀ ਗਿਣਤੀ 24 ਹੋ ਗਈ।
ਬੁੱਧਵਾਰ ਦੀ ਮੀਟਿੰਗ ਵਿੱਚ ਜਿਨ੍ਹਾਂ ਵਿਭਾਗਾਂ ਦੀਆਂ ਇਸ ਯੋਜਨਾਵਾਂ ਨੂੰ ਬਿਹਤਰੀਨ ਕਾਰਗੁਜ਼ਾਰੀ ਦੇ ਮਾਪਦੰਡ ਸਥਾਪਤ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਉਨ੍ਹਾਂ ਵਿੱਚ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ, ਬਿਜਲੀ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਮਾਲ, ਮੁੜ ਵਸੇਬਾ ਤੇ ਆਫ਼ਤਨ ਪ੍ਰਬੰਧਨ ਅਤੇ ਸੂਚਨਾ ਤਕਨਾਲੋਜੀ ਸ਼ਾਮਲ ਹਨ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਚਾਰ ਸਾਲਾ ਰਣਨੀਤਕ ਕਾਰਜ ਯੋਜਨਾ ਤੇ ਸਾਲਾਨਾ ਕਾਰਜ ਯੋਜਨਾ ਅਨੁਸਾਰ ਸਰਕਾਰੀ ਕਰਮਚਾਰੀਆਂ ਲਈ ਕਾਰਗੁਜ਼ਾਰੀ ਦੇ ਮਾਪਦੰਡ ਟੀਚਿਆਂ, ਨਿਸ਼ਾਨੇ ਤੇ ਨਤੀਜਿਆਂ 'ਤੇ ਆਧਾਰਤ ਹੋਣਗੇ। ਚਾਰ ਸਾਲਾ ਰਣਨੀਤਕ ਕਾਰਜ ਯੋਜਨਾ ਵਿੱਚ ਦੱਸੇ ਕਾਰਗੁਜ਼ਾਰੀ ਦੇ ਮਾਪਦੰਡਾਂ ਅਨੁਸਾਰ ਵਿਭਾਗ ਦੀਆਂ ਨੀਤੀਆਂ, ਪ੍ਰੋਗਰਾਮ ਤੇ ਸਕੀਮਾਂ ਨੂੰ ਲਾਗੂ ਕਰਨ ਲਈ ਹਰੇਕ ਕਰਮਚਾਰੀ ਜ਼ਿੰਮੇਵਾਰ ਹੋਵੇਗਾ ਜਿਸ ਦੀ ਨਿਗਰਾਨੀ ਆਨਲਾਈਨ ਐਸ.ਡੀ.ਜੀ. ਸਿਸਟਮ ਰਾਹੀਂ ਕੀਤੀ ਜਾਵੇਗੀ। ਟੀਚਿਆਂ ਦੇ ਆਧਾਰ 'ਤੇ ਵਿਭਾਗਾਂ ਦੀ ਕਾਰਗੁਜ਼ਾਰੀ ਮਲਾਜ਼ਮਾਂ ਦੀ ਸਾਲਾਨਾ ਕਾਰਗੁਜ਼ਾਰੀ ਅਪ੍ਰੇਜ਼ਲ ਰਿਪੋਰਟਾਂ ਵਿੱਚ ਦਰਜ ਕੀਤੀ ਜਾਵੇਗੀ।