ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਦੀ ਬੈਠਕ ਹੋਈ। ਇਹ ਬੈਠਕ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ।
ਬੈਠਕ ਵਿੱਚ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਬੁਲਾਉਣ ਦਾ ਫ਼ੈਸਲਾ ਲਿਆ ਗਿਆ। ਸੰਵਿਧਾਨਕ ਜ਼ਰੂਰਤ ਪੂਰਾ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ 28 ਅਗਸਤ ਨੂੰ ਹੋਵੇਗਾ ਜੋ ਕਿ ਕੋਵਿਡ ਮਹਾਂਮਾਰੀ ਦੇ ਆਉਣ ਤੋਂ ਬਾਅਦ ਪਹਿਲੀ ਵਾਰ ਸੱਦਿਆ ਗਿਆ ਹੈ।
ਕੈਬਿਨੇਟ ਨੇ ਸੰਵਿਧਾਨਕ ਲੋੜ ਅਨੁਸਾਰ 28 ਅਗਸਤ ਨੂੰ ਇੱਕ ਦਿਨ ਲਈ ਸੈਸ਼ਨ ਬੁਲਾਇਆ ਜਿਸ ਦੀਆਂ ਦੋ ਬੈਠਕਾਂ ਹੋਣਗੀਆਂ ਕਿਉਂਕਿ ਸੰਵਿਧਾਨ ਅਨੁਸਾਰ ਪਿਛਲੇ ਸੈਸ਼ਨ ਤੋਂ ਛੇ ਮਹੀਨਿਆਂ ਦੇ ਅੰਦਰ-ਅੰਦਰ ਅਗਲਾ ਸੈਸ਼ਨ ਬੁਲਾਉਣਾ ਜ਼ਰੂਰੀ ਹੁੰਦਾ ਹੈ। ਕੋਵਿਡ ਦੀ ਸਥਿਤੀ ਸੁਧਰਨ ਤੋਂ ਬਾਅਦ ਰੈਗੂਲਰ/ਲੰਬਾਂ ਸੈਸ਼ਨ ਸੱਦਿਆ ਜਾਵੇਗਾ।
ਕੈਬਿਨੇਟ ਦੇ ਫ਼ੈਸਲੇ ਨਾਲ ਪੰਜਾਬ ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (1) ਅਨੁਸਾਰ 15ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਸੈਸ਼ਨ ਬੁਲਾਉਣ ਦਾ ਅਧਿਕਾਰ ਦਿੱਤਾ ਗਿਆ ਹੈ।