ਚੰਡੀਗੜ੍ਹ: ਖੇਤੀ ਕਾਨੂੰਨਾਂ ਦਾ ਮਸਲਾ ਪੰਜਾਬ 'ਚ ਲਗਾਤਾਰ ਭਖਿਆ ਹੋਇਆ ਹੈ। ਇਸ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਆਪੋ-ਆਪਣੇ ਪੱਧਰ 'ਤੇ ਕੇਂਦਰ ਸਰਕਾਰ ਦਾ ਵਿਰੋਧ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ। ਇਸ ਸਬੰਧੀ ਅੱਜ ਪੰਜਾਬ ਦੀ ਵਜ਼ਾਰਤ ਬੈਠਕ ਕਰੇਗੀ।
19 ਅਕਤੂਬਰ ਨੂੰ ਸੱਦਿਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ - ਪੰਜਾਬ ਵਜ਼ਾਰਤ
ਪੰਜਾਬ ਕੈਬਿਨੇਟ ਦੀ ਅੱਜ ਮੀਟਿੰਗ ਹੈ, ਜਿਸ ਵਿੱਚ ਵਿਸ਼ੇਸ਼ ਇਜਲਾਸ ਸੱਦਣ ਅਤੇ ਕਈ ਹੋਰ ਮੁੱਦਿਆਂ ਨੂੰ ਲੈ ਕੇ ਫੈਸਲਾ ਲਿਆ ਜਾ ਸਕਦਾ ਹੈ।
ਪੰਜਾਬ ਵਜ਼ਾਰਤ ਦੀ ਬੈਠਕ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਬੈਠਕ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਸ਼ੇਸ਼ ਇਜਲਾਸ ਸੱਦਿਆ ਜਾ ਸਕਦਾ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨ ਪਾਸ ਹੋਣ ਮਗਰੋਂ ਕਿਸਾਨਾਂ ਨਾਲ ਕੀਤੀ ਮੀਟਿੰਗ ਵਿੱਚ ਕਿਸਾਨਾਂ ਨੂੰ ਇਹ ਭਰੋਸਾ ਦਿਵਾਇਆ ਸੀ ਕਿ ਖੇਤੀ ਕਾਨੂੰਨਾਂ ਨੂੰ ਵਿਸ਼ੇਸ਼ ਇਜਲਾਸ ਸੱਦ ਕੇ ਰੱਦ ਕੀਤਾ ਜਾਵੇਗਾ।
ਕੈਪਟਨ ਦੇ ਇਸ ਬਿਆਨ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਕੈਪਟਨ ਸਰਕਾਰ 'ਤੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਸਨ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਕੈਪਟਨ ਜਲਦੀ ਇਜਲਾਸ ਸੱਦ ਕੇ ਕਾਨੂੰਨ ਨੂੰ ਰੱਦ ਕਰਨ। ਜਾਣਕਾਰੀ ਲਈ ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਦੀ ਵੀ ਕੇਂਦਰ ਨਾਲ ਬੈਠਕ ਹੈ। ਨਵੀਂ ਵਜ਼ੀਫਾ ਸਕੀਮ ਵੀ ਇਸ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਲ ਹੈ।