ਚੰਡੀਗੜ੍ਹ: ਕੋਵਿਡ ਮਹਾਂਮਾਰੀ ਅਤੇ ਲੌਕਡਾਊਨ ਦੇ ਸਿੱਟੇ ਵਜੋਂ ਸੂਬਾ ਸਰਕਾਰ ਨੂੰ ਪਏ ਵੱਡੇ ਮਾਲੀਆ ਘਾਟੇ ਦਾ ਹਵਾਲਾ ਦਿੰਦਿਆਂ ਪੰਜਾਬ ਕੈਬਿਨੇਟ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਕੋਲੋਂ ਸੂਬੇ ਦੀ ਔਖੇ ਸਮੇਂ ਵਿੱਚ ਮੱਦਦ ਲਈ ਢੁੱਕਵੇਂ ਮੁਆਵਜ਼ੇ ਦੀ ਮੰਗ ਕੀਤੀ।
ਮਹਾਂਮਾਰੀ ਦੇ ਚੱਲਦਿਆਂ ਵਿੱਤੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੈਬਿਨੇਟ ਦੇ ਧਿਆਨ ਹਿੱਤ ਆਇਆ ਕਿ ਸਾਲ 2020-21 ਦੀ ਪਹਿਲੀ ਤਿਮਾਹੀ ਵਿੱਚ ਮਾਲੀਆ ਇਕੱਤਰ ਵਿੱਚ ਆਈ ਗਿਰਾਵਟ ਚਾਲੂ ਪੂਰੇ ਵਿੱਤੀ ਸਾਲ ਦੇ ਅਨੁਮਾਨਿਤ ਘਾਟੇ ਨੂੰ ਦੇਖਦਿਆਂ ਹਾਲਤ ਬਹੁਤ ਗੰਭੀਰ ਹਨ।
ਵਿੱਤ ਵਿਭਾਗ ਵੱਲੋਂ ਕੈਬਿਨੇਟ ਅੱਗੇ ਪੇਸ਼ਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਪਰੈਲ-ਜੂਨ 2020 ਦੌਰਾਨ ਸੂਬੇ ਦੇ ਆਪਣੇ ਟੈਕਸ ਇਕੱਤਰ ਕਰਨ ਵਿੱਚ ਕੁੱਲ 51 ਫੀਸਦੀ ਦੀ ਗਿਰਾਵਟ ਆਈ ਹੈ ਅਤੇ ਇਸ ਸਮੇਂ ਦੌਰਾਨ ਬਜਟ ਅਨੁਮਾਨਾਂ ਦੇ ਮੁਕਾਬਲੇ ਇਕੱਲਾ ਜੀਐਸਟੀ ਦਾ ਘਾਟਾ 61 ਫੀਸਦੀ ਹੈ। ਇਸ ਤਿਮਾਹੀ ਵਿੱਚ ਜੀਐਸਟੀ ਅਤੇ ਵੈਟ ਮਾਲੀਆ ਇਕੱਤਰ ਕਰਨ ਵਿੱਚ ਇਕੱਠਿਆਂ 54 ਫੀਸਦੀ ਦੀ ਗਿਰਾਵਟ ਆਈ। ਅਪਰੈਲ-ਜੂਨ ਤਿਮਾਹੀ ਦੌਰਾਨ ਕੁੱਲ ਮਾਲੀਆ ਪ੍ਰਾਪਤੀਆਂ ਵਿੱਚ 21 ਫੀਸਦੀ ਗਿਰਾਵਟ ਆਈ ਹੈ।