ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਨਿੱਜੀ ਹਸਪਤਾਲਾਂ ਨੂੰ ਕੋਵਿਡ ਵਿਰੁੱਧ ਲੜਾਈ ਵਿੱਚ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਜਿਵੇਂ ਕਿ ਦਵਾਈਆਂ, ਪੀ.ਪੀ.ਈ. ਕਿੱਟਾਂ ਅਤੇ ਇਕੱਠਾ ਹੋ ਰਹੇ ਬਾਇਓਮੈਡੀਕਲ ਵੇਸਟ ਦੇ ਨਿਪਟਾਰੇ ਦਾ ਹੱਲ ਕੀਤਾ ਜਾ ਸਕੇ।
ਮੁੱਖ ਸਕੱਤਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਨਿੱਜੀ ਹਸਪਤਾਲਾਂ ਨੂੰ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਸਰਕਾਰ ਦੇ ਨਾਲ ਕੋਵਿਡ ਦੇ ਮਰੀਜ਼ਾਂ ਨੂੰ ਇਲਾਜ ਦੇਣ ਲਈ ਬਰਾਬਰ ਦੇ ਭਾਈਵਾਲ ਹਨ।
100 ਤੋਂ ਵੱਧ ਨਿੱਜੀ ਸਿਹਤ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਮਹਾਂਮਾਰੀ ਦੇ ਵਿਰੁੱਧ ਜੰਗ ਵਿੱਚ ਰਾਜ ਸਰਕਾਰ ਦਾ ਪੂਰਾ ਸਾਥ ਦੇਣਗੇ। ਉਨ੍ਹਾਂ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਕੀਮਤੀ ਜਾਨਾਂ ਬਚਾਉਣ ਲਈ ਜ਼ਰੂਰਤ ਅਨੁਸਾਰ ਬੈੱਡਾਂ ਦੀ ਗਿਣਤੀ ਵਧਾਉਣ ਦੀ ਪੇਸ਼ਕਸ਼ ਵੀ ਕੀਤੀ ਹੈ।
ਉਨ੍ਹਾਂ ਨਿੱਜੀ ਹਸਪਤਾਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਵੱਧ ਰਹੇ ਕੋਵਿਡ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਹ ਲੋਕਾਂ ਦੀ ਮਦਦ ਕਰਨ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ ਜਿਸ ਲਈ ਇਹ ਜ਼ਰੂਰੀ ਹੈ ਕਿ ਹਸਪਤਾਲਾਂ ਵਿੱਚ ਇਲਾਜ ਦੀਆਂ ਸੁਵਿਧਾਵਾਂ ਵਧਾਈਆਂ ਜਾਣ। ਉਨ੍ਹਾਂ ਕਿਹਾ ਕਿ ਮੌਜੂਦਾ ਸੰਕਟ ਦੀ ਘੜੀ ਵਿੱਚ ਲੋਕਾਂ ਦਾ ਵਿਸ਼ਵਾਸ਼ ਜਿੱਤਣ ਦੇ ਮੌਕੇ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਹਸਪਤਾਲਾਂ ਨੂੰ ਇਹ ਵੀ ਕਿਹਾ ਕਿ ਉਹ ਮਰੀਜ਼ਾਂ ਦੇ ਪਰਿਵਾਰ ਜੋ ਮਾਨਸਿਕ ਦਬਾਅ ਅਤੇ ਸਦਮੇ ਦਾ ਸਾਹਮਣਾ ਕਰ ਰਹੇ ਹਨ, ਉਨ੍ਹਾਂ ਤੱਕ ਵੀ ਪਹੁੰਚ ਕਰਨ।
ਇਸ ਮੀਟਿੰਗ ਵਿੱਚ ਦੱਸਿਆ ਗਿਆ ਕਿ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ਤਹਿਤ 180 ਤੋਂ ਵੱਧ ਨਿੱਜੀ ਹਸਪਤਾਲ ਅੱਗੇ ਆਏ ਅਤੇ ਨਿੱਜੀ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਲੈਵਲ-2 ਦੇ 2300 ਤੋਂ ਵੱਧ ਬੈੱਡ ਅਤੇ ਲੈਵਲ-3 ਲਈ 900 ਤੋਂ ਬੈੱਡਾਂ ਦੀ ਪੇਸ਼ਕਸ਼ ਕੀਤੀ ਗਈ। ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਲਗਭਗ 100 ਵੈਂਟੀਲੇਟਰ ਨਿੱਜੀ ਹਸਪਤਾਲਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਗਏ ਹਨ।
ਮੁੱਖ ਸਕੱਤਰ ਨੇ ਨਿੱਜੀ ਹਸਪਤਾਲਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਪੂਰੀ ਤਰ੍ਹਾਂ ਜਾਣੂੰ ਹੈ ਅਤੇ ਉਨ੍ਹਾਂ ਦੀ ਸਹਾਇਤਾ ਅਤੇ ਸਮਰਥਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਹਸਪਤਾਲਾਂ ਨੂੰ ਸਥਾਨਕ ਪੱਧਰ ’ਤੇ ਅਤੇ ਸ਼ੋਸ਼ਲ ਮੀਡੀਆ ਜ਼ਰੀਏ ਆਪਣੇ ਵੱਲੋਂ ਕੀਤੇ ਜਾ ਰਹੇ ਨੇਕ ਕੰਮਾਂ ਦਾ ਪ੍ਰਚਾਰ ਕਰਨ ਲਈ ਵੀ ਕਿਹਾ।