ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਟੈਸਟਿੰਗ ਨੂੰ ਵਧਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਘਰਾਂ ਵਿੱਚ ਇਕਾਂਤਵਾਸ ਹੋਏ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਖਾਣੇ ਦੇ ਪੈਕੇਟ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਐਲਾਨ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੀਤੀ ਉੱਚ ਪੱਧਰੀ ਬੈਠਕ ਵਿੱਚ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਗ਼ਰੀਬ ਤਬਕੇ ਦੇ ਲੋਕ ਰੁਜ਼ਗਾਰ ਅਤੇ ਉਸ ਰਾਹੀਂ ਹੋਣ ਵਾਲੀ ਮਾਮੂਲੀ ਕਮਾਈ ਗੁਆਉਣ ਦੇ ਡਰੋਂ ਆਪਣਾ ਕੋਰੋਨਾ ਟੈਸਟ ਨਹੀਂ ਕਰਵਾਉਂਦੇ। ਇਸ ਲਈ ਉਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਘਰਾਂ ਵਿੱਚ ਹੀ ਖਾਣਾ ਮੁਹੱਈਆ ਕਰਵਾਇਆ ਜਾਵੇਗਾ।