ਚੰਡੀਗੜ੍ਹ: ਵਪਾਰ ਕਰਨ ਦੀ ਸੌਖ ਸਬੰਧੀ ਸਰਵੇਖਣ ਵਿੱਚ ਪੰਜਾਬ ਦੇ 19ਵੇਂ ਸਥਾਨ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਨਿਸ਼ਾਨਾ ਅਗਲੇ ਪੰਜ ਸਾਲ ਵਿੱਚ ਸੂਬੇ ਨੂੰ ਸਿਖਰਲੇ ਸਥਾਨ 'ਤੇ ਲਿਜਾਣ ਦਾ ਹੈ ਜਿਸ ਲਈ ਕਾਰੋਬਾਰ ਸੌਖ ਨੂੰ ਹੁਲਾਰਾ ਦੇਣ ਲਈ ਸਵੈ-ਪ੍ਰਵਾਨਗੀਆਂ ਦੀ ਨਵੀਂ ਪ੍ਰਣਾਲੀ ਨੂੰ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਵੈ-ਪ੍ਰਵਾਨਗੀਆਂ ਦੀ ਨਵੀਂ ਪ੍ਰਣਾਲੀ 'ਤੇ ਕੰਮ ਕਰ ਰਹੀ ਹੈ ਜਿਸ ਵਿੱਚ ਨਿਰਧਾਰਤ ਸਮਾਂ ਸੀਮਾ ਖ਼ਤਮ ਹੋਣ 'ਤੇ ਆਪਣੇ ਆਪ ਆਨਲਾਈਨ ਪ੍ਰਵਾਨਗੀ ਜਾਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦੇਸ਼ੀ ਤੇ ਘਰੇਲੂ ਕੰਪਨੀਆਂ ਨੂੰ ਖਿੱਚਣ ਲਈ ਨਵੇ ਉਦਯੋਗਿਕ ਪਾਰਕ ਵੀ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ, ਰਾਜਪੁਰਾ, ਬਠਿੰਡਾ ਤੇ ਮੁਹਾਲੀ ਵਿਖੇ ਅਤਿ-ਆਧਨਿਕ ਮੈਗਾ ਪਾਰਕ ਸਥਾਪਤ ਹੋ ਰਹੇ ਹਨ।
ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਉਪਰੰਤ ਆਉਣ ਵਾਲੇ ਸਾਲ ਵਿੱਚ ਆਮ ਵਰਗਾ ਮਾਹੌਲ ਹੋਣ 'ਤੇ ਉਹ ਨਿਵੇਸ਼ਕਾਂ ਨੂੰ ਹੋਰ ਵੀ ਸਹਿਯੋਗ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਅਫਸਰਾਂ ਦੀ ਟੀਮ ਪੰਜਾਬ ਵਿੱਚ ਉਦਯੋਗਾਂ ਨੂੰ ਮੱਦਦ ਅਤੇ ਸਹੂਲਤ ਦੇਣ ਲਈ ਹਰ ਸੰਭਵ ਕੋਸ਼ਿਸ਼ਾਂ ਕਰੇਗੀ।
ਆਪਣੀ ਹੁਨਰ ਸਿਖਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਸ ਨੂੰ ਨੌਕਰੀ ਆਧਾਰਿਤ ਬਣਾਉਣ ਲਈ ਉਦਯੋਗਾਂ ਨੂੰ ਸੂਬੇ ਦੇ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, 'ਤੁਹਾਨੂੰ ਹੁਨਰਮੰਦ ਮਨੁੱਖੀ ਸ਼ਕਤੀ ਚਾਹੀਦੀ ਹੈ ਅਤੇ ਤੁਸੀਂ ਇਨ੍ਹਾਂ ਸਿੱਖਿਅਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਚੰਗੇ ਪੈਕੇਜ 'ਤੇ ਲੈ ਸਕਦੇ ਹੋ।''