ਮੋਰਿੰਡਾ : ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ਼ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੱਢਣ ਦੀ ਸ਼ੁਰੂਆਤ ਕੀਤੀ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਰੇ ਸੂਬੇ ਦੇ ਲਾਭਪਾਤਰੀਆਂ ਨੂੰ ਵਿਸ਼ੇਸ਼ ਸਮਾਗਮਾਂ ਦੌਰਾਨ ਮੰਤਰੀਆਂ ਅਤੇ ਸਬੰਧਤ ਐਮ.ਐਲ.ਏਜ਼ ਵਲੋਂ ਇਹ ਕਰਜ਼ਾ ਮਾਫੀ ਦੇ ਸਰਟੀਫਿਕੇਟ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਦੇ 41.48 ਕਰੋੜ ਰੁਪਏ ਦੇ ਕਰਜ਼ੇ ਅਤੇ ਪੱਛੜੀਆਂ ਸ਼੍ਰੇਣੀਆਂ ਦੇ 20.98 ਕਰੋੜ ਰੁਪਏ ਦੇ ਕਰਜ਼ੇ ਮਾਫੀ ਦੇ ਸਰਟੀਫਿਕੇਟ ਵੰਡੇ ਜਾ ਰਹੇ ਹਨ।
ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਗਰੀਬ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਲੋਕਾਂ ਨੂੰ ਕਰਜ਼ੇ ਮੁੱਹਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਕਈ ਲੋੜਵੰਦ ਪਰਿਵਾਰ ਇਨ੍ਹਾਂ ਕਰਜਿਆਂ ਨੂੰ ਵਾਪਿਸ ਮੋੜਨ ਵਿਚ ਅਸਮਰਥ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਨੂੰ ਦੇਖਦੇ ਹੋਏ ਕਰਜਾ ਮਾਫੀ ਦਾ ਫੈਸਲਾ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਬਹੁਤ ਹੀ ਘੱਟ ਵਿਆਜ ਦਰਾਂ ਤੋਂ ਕਰਜ਼ੇ ਉਪਲਬਧ ਕਰਵਾਏ ਜਾਂਦੇ ਹਨ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਦਿਵਿਆਂਗ ਵਿਅਕਤੀ, ਆਰਥਿਕ ਤੌਰ ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀ ਆਪਣੇ ਪੈਰਾਂ ਤੇ ਖੜੇ ਹੋਣ ਸਕਣ।