ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲੀ ਸਿੱਖਿਆ, ਉਚੇਰੀ ਸਿੱਖਿਆ, ਵੈਟਰਨਰੀ, ਤਕਨੀਕੀ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਮੌਜੂਦਾ ਅਕੈਡਮੀ ਸੈਸ਼ਨ ਦੌਰਾਨ ਵਿੱਦਿਅਕ ਸੰਸਥਾਵਾਂ 'ਚ ਹਰ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਦੇ ਦਾਖ਼ਲੇ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਵਜ਼ੀਫ਼ੇ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਕਤ ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਕਿਹਾ ਹੈ ਕਿ ਕਿਸੇ ਵੀ ਯੋਗ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਨੂੰ ਦਾਖ਼ਲੇ ਨੂੰ ਇਨਕਾਰ ਨਾ ਕੀਤਾ ਜਾਵੇ। ਅਜਿਹੇ ਕਿਸੇ ਵੀ ਵਿਅਕਤੀ ਨੂੰ ਜੇ ਨਾਂਹ ਹੁੰਦੀ ਹੈ ਜੋ ਯੋਗ ਹੈ ਤਾਂ ਸਬੰਧਤ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਮਾਮਲੇ ਨੂੰ ਹੱਲ ਕਰਨ ਲਈ ਉਹ ਨਿੱਜੀ ਤੌਰ 'ਤੇ ਦਖ਼ਲ ਦੇਣ।
ਕੈਪਟਨ ਨੇ ਹੁਕਮ ਦਿੱਤੇ ਹਨ ਕਿ ਉਚੇਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਦਾਖ਼ਲਿਆਂ ਦੌਰਾਨ ਸਬੰਧਿਤ ਅਦਾਰਿਆਂ ਵੱਲੋਂ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਖੜ੍ਹੀ ਨਾ ਕੀਤੀ ਜਾਵੇ। ਉਨ੍ਹਾਂ ਉਕਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵਿਦਿਅਕ ਸੰਸਥਾਵਾਂ ਨੂੰ ਦਿੱਤੇ ਜਾਣ ਵਾਲੇ ਪੋਸਟ ਮੈਟ੍ਰਿਕ ਵਜ਼ੀਫਿਆਂ ਦੀ ਆਨਲਾਈਨ ਪੜਤਾਲ ਕਰਨ ਦਾ ਕੰਮ ਇਕ ਹਫ਼ਤੇ ਦੇ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਕਿ ਵਿਦਿਅਕ ਸੰਸਥਾਵਾਂ ਦੀ ਬਕਾਇਆ ਰਾਸ਼ੀ ਦਾ ਨਿਪਟਾਰਾ ਛੇਤੀ ਤੋਂ ਛੇਤੀ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।
ਭਾਰਤ ਸਰਕਾਰ ਵੱਲੋਂ ਸਾਲ 2016-17, 2017-18 ਅਤੇ 2018-19 ਲਈ ਅਨੁਸੂਚਿਤ ਜਾਤੀ ਪੋਸਟ ਮੈਟ੍ਰਿਕ ਵਜ਼ੀਫਿਆਂ ਦੀ ਲਗਭਗ 1663 ਕਰੋੜ ਰੁਪਏ ਦੀ ਰਾਸ਼ੀ ਜਾਰੀ ਨਾ ਕਰਨ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਇਹ ਮਸਲਾ ਛੇਤੀ ਹੀ ਕੇਂਦਰ ਸਰਕਾਰ ਕੋਲ ਉਠਾਉਣ ਦੀ ਹਦਾਇਤ ਕੀਤੀ।